ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਮਜੀਠਾ ਵਿੱਚ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰੂ ਗੋਬਿੰਦ ਸਿੰਘ ਦੇ ਨਹੀਂ, ਸੁਖਬੀਰ ਸਿੰਘ ਬਾਦਲ ਦੇ ਸਿਪਾਹੀ ਹਨ। ਅਜਿਹੇ ਵਿਅਕਤੀ ਤੋਂ ਪੰਥ ਦੇ ਭਲੇ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ, ਜੋ ਆਪਣੀਆਂ ਧਾਰਮਿਕ ਜ਼ਿੰਮੇਵਾਰੀਆਂ ਭੁੱਲ ਕੇ ਸਿਆਸੀ ਰੈਲੀਆਂ ਦੇ ਪ੍ਰਬੰਧਾਂ ਵਿੱਚ ਰੁੱਝਿਆ ਰਹਿੰਦਾ ਹੈ। ਇਸ ਮੌਕੇ ਉਨ੍ਹਾਂ ਤਲਬੀਰ ਸਿੰਘ ਗਿੱਲ ਨੂੰ ਵਿਧਾਨ ਸਭਾ ਚੋਣਾਂ 2027 ਲਈ ਮਜੀਠਾ ਤੋਂ ‘ਆਪ’ ਦਾ ਉਮੀਦਵਾਰ ਵੀ ਐਲਾਨ ਦਿੱਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੌਫ਼, ਪਰਚੀਆਂ (ਜਬਰੀ ਵਸੂਲੀ) ਅਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ ਦੌਰ ਖ਼ਤਮ ਹੋ ਗਿਆ ਹੈ। ਪੰਜਾਬ ਵਿੱਚ ਅਕਾਲੀਆਂ ਦੀ ਸੱਤਾ ਵਿੱਚ ਵਾਪਸੀ ਦਾ ਮਤਲਬ ਮੁੜ ਬੇਅਦਬੀਆਂ ਅਤੇ ਨਿਰਦੋਸ਼ਾਂ ’ਤੇ ਗੋਲੀਬਾਰੀ ਵਾਲੇ ਕਾਲੇ ਦੌਰ ਵਿੱਚ ਪਰਤਣਾ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਸ਼੍ਰੋਮਣੀ ਕਮੇਟੀ ਦੀਆਂ ਕਾਰਵਾਈਆਂ ਕਾਰਨ ਹੀ ਸੂਬਾ ਸਰਕਾਰ ਨੂੰ 328 ਲਾਪਤਾ ਪਾਵਨ ਸਰੂਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਉਣੀ ਪਈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦਾ ਮਕਸਦ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣਾ ਨਹੀਂ, ਸਗੋਂ ਸੱਚ ਸਾਹਮਣੇ ਲਿਆਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਅਕਾਲ ਤਖ਼ਤ ਸਰਵਉੱਚ ਹੈ, ਇਸੇ ਕਰ ਕੇ ਉਹ ਰਾਸ਼ਟਰਪਤੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਜਗ੍ਹਾ ਅਕਾਲ ਤਖ਼ਤ ਅੱਗੇ ਪੇਸ਼ ਹੋਏ। ਉਨ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਵੀ ਤਨਜ ਕੱਸਦਿਆਂ ਕਿਹਾ ਕਿ ਕੁਝ ਆਗੂ ਗਰੀਬ ਦੇ ਘਰ ਇੱਕ ਰਾਤ ਰਹਿਣ ਨੂੰ ਹੀ ਵੱਡੀ ਪ੍ਰਾਪਤੀ ਸਮਝਦੇ ਹਨ। ਕਾਂਗਰਸੀ ਲਗਾਤਾਰ ਹਾਰਾਂ ਕਾਰਨ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ, ਵਿਧਾਇਕ ਸਰਵਣ ਸਿੰਘ ਧੁੰਨ ਅਤੇ ਹੋਰ ਆਗੂ ਹਾਜ਼ਰ ਸਨ।
