ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਪਾਰਟੀ ਦਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੂੰਦਾ, ਸੁੱਚਾ ਸਿੰਘ ਛੋਟੇਪੁਰ ਸਮੇਤ ਵੱਡੀ ਗਿਣਤੀ ਸਾਥੀਆਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪਾਰਟੀ ਵਰਕਰਾਂ ਨੇ ਉਨ੍ਹਾਂ ਦੇ ਸਿਰੋਪਾਓ ਤੇ ਹਾਰ ਪਾਂ ਕੇ ਉਨ੍ਹਾਂ ਦਾ ਸਨਮਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਅਤੇ ਉਹ ਪਰਮਾਤਮਾ ਦਾ ਸ਼ੁਕਰਗੁਜ਼ਾਰ ਕਰਨ ਲਈ ਤਖ਼ਤ ਸਾਹਿਬ ਨਤਮਸਤਕ ਹੋਏ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ ਅਤੇ ਕੇਂਦਰ ਵੱਲੋਂ ਸੜਕਾਂ ਬਣਾਉਣ ਲਈ ਦਿੱਤਾ ਗਿਆ 800 ਕਰੋੜ ਰੁਪਿਆ ਵਾਪਿਸ ਹੋਣਾ ਪੰਜਾਬ ਸਰਕਾਰ ਦੀ ਨਲਾਇਕੀ ਹੈ। ਭਾਜਪਾ ਨਾਲ ਚੋਣ ਸਮਝੌਤਾ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਾਂਗਰਸ ਨੂੰ ਛੱਡ ਕੇ ਹਰ ਉਸ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ ਜਿਹੜੀ ਪਾਰਟੀ ਪੰਜਾਬ ਤੇ ਪੰਜਾਬੀਅਤ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਉਨ੍ਹਾਂ ਦਾ ਸਾਥ ਦੇਵੇਗੀ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਪਾਰਟੀ ਲਈ ਪੰਜਾਬ ਦੇ ਮੁੱਦੇ ਅਹਿਮ ਹਨ ਤੇ ਸੱਤਾ ਤੇ ਕਾਬਜ਼ ਹੋਣਾ ਜ਼ਰੂਰੀ ਨਹੀਂ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਲਦ ਪਾਰਟੀ ਦਾ ਜਥੇਬੰਦਕ ਢਾਂਚਾ ਬਣਾਇਆ ਜਾਵੇਗਾ ਤੇ ਸਰਬ ਸੰਮਤੀ ਨਾਲ ਸਾਰੇ ਫੈਸਲੇ ਲਏ ਜਾਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਲੈਣ ਤੋਂ ਬਾਅਦ ਪੂਰੇ ਪਾਰਦਰਸ਼ੀ ਢੰਗ ਨਾਲ ਇਸ ਪ੍ਰਬੰਧ ਨੂੰ ਚਲਾਇਆ ਜਾਵੇਗਾ। ਜਥੇਦਾਰਾਂ ਦੀ ਨਿਯੁਕਤੀ ਤੇ ਬਰਖ਼ਾਸਤਗੀ ਬਾਰੇ ਨਿਯਮਾਂ ਸੰਬੰਧੀ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਜਿੱਤਣ ਤੋਂ ਬਾਅਦ ਇਹ ਸਾਰੇ ਨਿਯਮ ਬਣਾਏ ਜਾਣਗੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਰੁਤਬਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੋਂ ਵੀ ਵੱਡਾ ਕੀਤਾ ਜਾਵੇਗਾ। ਇਸ ਮੌਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਧੜੇ ਨਾਲ ਜੁੜੇ ਹੋਏ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਹੁਣ ਵੱਖ-ਵੱਖ ਚੁੱਲੇ ਸਮੇਟਣ ਦਾ ਸਮਾਂ ਹੈ ਤੇ ਪੰਥ ਵੱਲੋਂ ਪ੍ਰਵਾਣਿਤ ਆਗੂ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ।
2 thoughts on “ਨਵੇਂ ਅਕਾਲੀ ਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ”
Comments are closed.

Pingback: RubiScore live football coverage
Pingback: ThoiTiet.Online weather