ਪਤਿਤ ਸਿੱਖ ਨੂੰ ਅਕਾਲ ਤਖਤ ਦਫਤਰ ਵਿਖੇ ਸੱਦਣਾ ਗੈਰ ਪੰਥਕ ਰਵਾਇਤ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਸਬੰਧਿਤ ਸੱਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਇੱਕ ਪੱਤਰ ਦੇ ਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ’ਤੇ ਮਰਿਆਦਾ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਜਥੇਦਾਰ ਦੀ ਜਵਾਬਤਲਬੀ ਕਰਨ ਅਤੇ ਇਸ ਦੋਸ਼ ਹੇਠ ਅਹੁਦੇ ਤੋਂ ਫਾਰਗ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮਿੱਠੂ ਸਿੰਘ ਕਾਹਨੇਕੇ, ਬੀਬੀ ਕਿਰਨਜੋਤ ਕੌਰ, ਨਿਰਮੈਲ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਸਿੰਘ ਆਦਿ ਵੱਲੋਂ ਦਸਤਖਤ ਕੀਤੇ ਗਏ ਹਨ। ਜਦੋਂ ਕਿ ਇਹ ਪੱਤਰ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਮਿੱਠੂ ਸਿੰਘ ਕਾਹਨੇਕੇ ਅਤੇ ਬੀਬੀ ਕਿਰਨਜੋਤ ਕੌਰ ਵੱਲੋਂ ਸੌਂਪਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਂ ’ਤੇ ਦਿੱਤੇ ਗਏ ਇਸ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਪਤਿਤ ਸਿੱਖ ਨੂੰ ਸ੍ਰੀ ਅਕਾਲ ਤਖਤ ਦੇ ਦਫ਼ਤਰ ਸਕੱਤਰੇਤ ਵਿਖੇ ਸੱਦ ਕੇ ਗੈਰ ਪੰਥਕ ਮਰਿਆਦਾ ਸ਼ੁਰੂ ਕੀਤੀ ਹੈ। ਦੱਸਣਯੋਗ ਹੈ ਕਿ ਜਥੇਦਾਰ ਗੜਗੱਜ ਵੱਲੋਂ ਵੱਖ-ਵੱਖ ਸਿੱਖ ਮਾਮਲਿਆਂ ਵਿੱਚ ਜਵਾਬਤਲਬੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਅਕਾਲ ਤਖਤ ਸਕੱਤਰੇਤ ਵਿਖੇ ਸੱਦਿਆ ਹੈ।

Scroll to Top