ਬੇਅਦਬੀ ਮਾਮਲਾ: ਦਮਦਮਾ ਸਾਹਿਬ ਦੇ ਜੱਥੇਦਾਰ ਵਲੋਂ ਪੁਲੀਸ ਨੂੰ ਅਲਟੀਮੇਟਮ

ਹਲਕਾ ਮਹਿਲ ਕਲਾਂ ਦੇ ਪਿੰਡ ਠੀਕਰੀਵਾਲਾ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਨੇ ਤਿੱਖਾ ਐਕਸ਼ਨ ਲਿਆ ਗਿਆ ਹੈ। ਜੱਥੇਦਾਰ ਬਾਬਾ ਟੇਕ ਸਿੰਘ ਧਨੌਲਾ ਅੱਜ ਪਿੰਡ ਠੀਕਰੀਵਾਲਾ ਦੇ ਗੁਰਦੁਆਰਾ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਚਾਇਤ ਅਤੇ ਨਗਰ ਦੇ ਮੋਹਤਵਰਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਸਾਰੀ ਘਟਨਾ ਦੀ ਜਾਣਕਾਰੀ ਲਈ। ਇਸ ਉਪਰੰਤ ਉਨ੍ਹਾਂ ਬਰਨਾਲਾ ਪੁਲੀਸ ਪ੍ਰਸ਼ਾਸਨ ਨੂੰ 2 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਜੱਥੇਦਾਰ ਧਨੌਲਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਕਿ ਮਹਾਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਬੇਅਦਬੀ ਦੀ ਘਟਨਾ ਦੇ ਮੁੱਖ ਸਾਜਿਸ਼ਕਰਤਾ ਨੂੰ ਸਾਹਮਣੇ ਲਿਆਉਣ ਲਈ ਪੁਲੀਸ ਨੂੰ ਦੋ ਦਿਨ ਦਾ ਸਮਾਂ ਦਿੱਤਾ ਹੈ। ਜੇਕਰ ਦੋ ਦਿਨਾਂ ਦੇ ਅੰਦਰ ਬੇਅਦਬੀ ਦੇ ਮੁੱਖ ਦੋਸ਼ੀ ਸਾਹਮਣੇ ਨਾ ਲਿਆਂਦੇ ਗਏ ਤਾਂ ਉਹ ਸਿੱਖ ਸੰਗਤਾਂ ਨਾਲ ਬੈਠਕ ਕਰਕੇ ਤਿੱਖਾ ਸੰਘਰਸ਼ ਸ਼ੁਰੂ ਕਰਨਗੇ।

Scroll to Top