ਹਰਜਿੰਦਰ ਸਿੰਘ ਧਾਮੀਹਰਨੇ ਨੇ ਸਿੱਖਾਂ ਨਾਲ ਹੋ ਰਹੇ ਹਕੂਮਤੀ ਵਿਤਕਰੇ ਤੇ ਅਨਿਆਂ ਵਿਰੁੱਧ ਚੁੱਕੇ ਸਵਾਲ, ਕਿਹਾ- ਸ਼ਤਾਬਦੀ ਸਮਾਗਮਾਂ ਦੌਰਾਨ ਸਰਕਾਰ ਦਾ ਨਕਾਰਾਤਮਕ ਰਵੱਈਆ ਦੁਖਦਾਈ

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ’ਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਮਾਗਮਾਂ ਦੀ ਲੜੀ ਤਹਿਤ ਬੁੱਧਵਾਰ ਨੂੰ ਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਕਰਵਾਇਆ ਗਿਆ। ਸਮਾਗਮ ਵਿਚ ਜਿਥੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਉਥੇ ਹੀ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਸਮੇਤ ਸੰਤ ਸਮਾਜ ਤੋਂ ਕਈ ਸਤਿਕਾਰਤ ਸ਼ਖਸੀਅਤਾਂ ਵੀ ਸਮਾਗਮ ਵਿਚ ਪਹੁੰਚੀਆਂ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਹਾਜ਼ਰੀ ਭਰੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਗੁਰੂ ਸਾਹਿਬਾਨ ਨੂੰ ਸਤਿਕਾਰ ਭੇਟ ਕਰਨ ਦੇ ਨਾਲ-ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਤਿੱਖੇ ਸਵਾਲ ਕਰਦਿਆਂ ਕਿਹਾ ਕਿ ਬੀਤੇ ਸਮੇਂ ’ਚ ਸ਼ਤਾਬਦੀਅ ਮੌਕੇ ’ਤੇ ਹਰ ਸਰਕਾਰ ਵੱਲੋਂ ਭਰਵੀਂ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ ਜਾਂਦੀ ਰਹੀ। ਪਰ ਮੌਜੂਦਾ ਸਰਕਾਰ ਦਾ ਨਕਾਰਾਤਮਕ ਰਵੱਈਆ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇੱਥੇ ਵਿਕਾਸ ਕਾਰਜ ਅਤੇ ਸ਼ਮੂਲੀਅਤ ਤਾਂ ਦੂਰ ਦੀ ਗੱਲ, ਬਲਕਿ ਗੁਰੂ ਸਾਹਿਬ ਨੂੰ ਸਮਰਪਿਤ ਹੁੰਦਿਆਂ ਪੰਜਾਬ ਅੰਦਰ ਛੁੱਟੀ ਤੱਕ ਦਾ ਐਲਾਨ ਨਹੀਂ ਕੀਤਾ। ਇਹ ਪੰਜਾਬ ਦੇ ਲੋਕਾਂ ਦੀ ਸਹੀ ਤਰਜਮਾਨੀ ਨਹੀਂ ਹੈ। ਉਨ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਬੀਤੇ ਦਿਨੀਂ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਦੀ ਆਮਦ ਮੌਕੇ ਹੋਈ ਮਰਯਾਦਾ ਦੇ ਉਲੰਘਣਾ ’ਤੇ ਵੀ ਚਿੰਤਾ ਪ੍ਰਗਟ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਤਖ਼ਤਾਂ ਦੀ ਇਕ ਵੱਖਰੀ ਮਰਯਾਦਾ ਹੈ। ਜਿਸ ਨੂੰ ਯਕੀਨੀ ਬਣਾਉਣਾ ਜਥੇਦਾਰਾਂ ਦੀ ਜਿੰਮੇਵਾਰੀ ਹੈ। ਉਨ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਾਂ ਦੇ ਕਾਤਲਾਂ ਦੀ ਵਕਾਲਤ ਕਰਨ ਵਾਲੇ ਆਗੂ ਨੂੰ ਤਖ਼ਤ ਤੋਂ ਸਨਮਾਨ ਦੇਣਾ ਸਿੱਖ ਮਰਯਾਦਾ ਤੇ ਰਵਾਇਤ ਦਾ ਵੱਡਾ ਉਲੰਘਣ ਹੈ। ਉਨ੍ਹਾਂ ਸਰਕਾਰਾਂ ਵੱਲੋਂ ਸਿੱਖਾਂ ਨਾਲ ਸਮੇਂ ਸਮੇਂ ’ਤੇ ਕੀਤੀ ਜਾਂਦੀ ਧੱਕੇਸ਼ਾਹੀ ਅਤੇ ਅਨਿਆਂ ਦੀ ਅਲੋਚਨਾ ਕਰਦਿਆਂ ਕਿਹਾ ਕਿ ਕਦੇ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੇ ਕਕਾਰ ਲੁਹਾਏ ਜਾਂਦੇ ਹਨ ਅਤੇ ਕਦੇ ਸੋਸ਼ਲ ਮੀਡੀਆ ’ਤੇ ਨਫ਼ਰਤੀ ਪ੍ਰਚਾਰ ਨਾਲ ਨਿਸ਼ਾਨਾ ਬਣਾਇਆ ਜਾਂਦਾ ਹੈ। ਇੱਥੋਂ ਤੱਕ ਕਿ ਬੰਦੀ ਸਿੰਘਾਂ ਦੇ ਮਾਮਲੇ ’ਚ ਸਰਕਾਰਾਂ ਦਾ ਅੜੀਅਲ ਰਵੱਈਆ ਇਨ੍ਹਾਂ ਦਾ ਚਿਹਰਾ ਨੰਗਾ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਫਿਰ ਤੋਂ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਵੀ ਜਾਰੀ ਰਹੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਂਗਰਸ ਦੇ ਪ੍ਰਮੁੱਖ ਆਗੂ ਵੱਲੋਂ ਸਿੱਖਾਂ ਨੂੰ ਲੈ ਕੇ ਅਮਰੀਕਾ ਵਿਚ ਕੀਤੀ ਟਿੱਪਣੀ ’ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਆਗੂ ਦਾ ਬਿਆਨ ਗਲਤ ਨਹੀਂ ਹੈ ਪਰ ਸਿੱਖ ਇਹ ਵੀ ਨਹੀਂ ਭੁੱਲ ਸਕਦੇ ਕਿ 1947 ਤੋਂ ਲੈ ਕੇ 1984 ਤੋਂ ਬਾਅਦ ਤੱਕ ਕਾਂਗਰਸ ਵੱਲੋਂ ਸਿੱਖਾਂ ਨਾਲ ਕਿਸ ਕਦਰ ਵਿਤਕਰਾ ਅਤੇ ਨਸਲਕੁਸ਼ੀ ਕੀਤੀ ਜਾਂਦੀ ਰਹੀ। ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਪੰਥ ਵਿਰੋਧੀ ਕਿਸੇ ਵੀ ਏਜੰਡੇ ਨੂੰ ਕਾਮਯਾਬ ਨਾ ਹੋਣ ਦਿੱਤਾ ਜਾਵੇ ਅਤੇ ਏਕੇ ਨਾਲ ਕੌਮੀ ਹੱਕਾਂ ਵਾਸਤੇ ਯਤਨ ਕੀਤੇ ਜਾਣ। ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੋਂ ਇਲਾਵਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਤੇਦਾਰ ਗਿਆਨੀ ਸੁਲਤਾਨ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬੀਬੀ ਅਵਤਾਰ ਸਿੰਘ ਸੁਰਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਗਿਆਨੀ ਗਗਨਦੀਪ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਗਿਆਨੀ ਤਨਵੀਰ ਸਿੰਘ, ਬਾਬਾ ਤੇਜਿੰਦਰ ਸਿੰਘ ਨਾਨਕਸਰ ਕਲੇਰਾਂ, ਬਾਬਾ ਜੀਤ ਸਿੰਘ ਜੌਹਲਾਂ, ਪੰਜ ਪਿਆਰੇ ਭਾਈ ਦਇਆ ਸਿੰਘ ਦੇ ਵੰਸ਼ਜ਼ ਭਾਈ ਨੌਨਿਹਾਲ ਸਿੰਘ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਸੰਬੋਧਨ ਕੀਤਾ।

2 thoughts on “ਹਰਜਿੰਦਰ ਸਿੰਘ ਧਾਮੀਹਰਨੇ ਨੇ ਸਿੱਖਾਂ ਨਾਲ ਹੋ ਰਹੇ ਹਕੂਮਤੀ ਵਿਤਕਰੇ ਤੇ ਅਨਿਆਂ ਵਿਰੁੱਧ ਚੁੱਕੇ ਸਵਾਲ, ਕਿਹਾ- ਸ਼ਤਾਬਦੀ ਸਮਾਗਮਾਂ ਦੌਰਾਨ ਸਰਕਾਰ ਦਾ ਨਕਾਰਾਤਮਕ ਰਵੱਈਆ ਦੁਖਦਾਈ”

  1. Pingback: suzuran168

  2. Pingback: Thermage ราคา

Comments are closed.

Scroll to Top