ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਹਮਾਇਤ ਵਿੱਚ ਮੁਹਾਲੀ ਦੀ ਅਦਾਲਤ ’ਚ ਪਹੁੰਚਣ ਤੋਂ ਰੋਕਣ ਲਈ ਪੁਲੀਸ ਵੱਲੋਂ ਪੰਜਾਬ ਭਰ ’ਚ ਅਕਾਲੀ ਆਗੂਆਂ ਤੇ ਵਰਕਰਾਂ ਦੀ ਫੜੋ-ਫੜੀ ਕੀਤੀ ਗਈ। ਇਸ ਦੌਰਾਨ ਪੁਲੀਸ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਅਕਾਲੀ ਆਗੂਆਂ ਨੂੰ ਮੁਹਾਲੀ ਤੋਂ ਹਿਰਾਸਤ ਵਿੱਚ ਲੈ ਲਿਆ ਉਥੇ ਹੀ ਸੂਬੇ ਭਰ ਵਿੱਚ ਸੀਨੀਅਰ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਪੁਲੀਸ ਨੇ ਕਈ ਆਗੂਆਂ ਨੂੰ ਮੁਹਾਲੀ ਜਾਣ ਤੋਂ ਰੋਕਣ ਲਈ ਰਾਹ ਵਿੱਚ ਹੀ ਹਿਰਾਸਤ ’ਚ ਲੈ ਲਿਆ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੂੰ ਰਾਜਪੁਰਾ, ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਮਿਤ ਰਾਠੀ ਤੇ ਜਸਪਾਲ ਸਿੰਘ ਬਿੱਟੂ ਚੱਠਾ ਨੂੰ ਪਟਿਆਲਾ ਵਿੱਚ ਉਨ੍ਹਾਂ ਦੇ ਘਰ ’ਚ ਹੀ ਨਜ਼ਰਬੰਦ ਕਰ ਦਿੱਤਾ। ਸ੍ਰੀ ਆਨੰਦਪੁਰ ਸਾਹਿਬ ਵਿੱਚ ਨੰਬਰਦਾਰ ਸੰਦੀਪ ਸਿੰਘ, ਮਾਲੇਰਕੋਟਲਾ ਦੀ ਹਲਕਾ ਇੰਚਾਰਜ ਜਾਹਿਦਾ ਸੁਲੇਮਾਨ ਅਤੇ ਲਖਵੀਰ ਸਿੰਘ ਲੱਖੀ, ਗੁਰਪ੍ਰੀਤ ਸਿੰਘ ਝੱਬਰ ਤੇ ਹੋਰਨਾਂ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ। ਇਸ ਤੋਂ ਇਲਾਵਾ ਪੁਲੀਸ ਨੇ ਬਿਆਸ ਦਰਿਆ ਦਾ ਪੁਲ ਬੰਦ ਕਰ ਕੇ ਵੱਡੀ ਗਿਣਤੀ ਆਗੂਆਂ ਨੂੰ ਉਥੇ ਹੀ ਰੋਕ ਦਿੱਤਾ। ਪੁਲੀਸ ਨੇ ਫ਼ਿਰੋਜ਼ਪੁਰ ਤੋਂ ਮੁਹਾਲੀ ਆ ਰਹੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਸਤਪਾਲ ਸਿੰਘ ਤਲਵੰਡੀ, ਲਖਬੀਰ ਸਿੰਘ ਲੋਧੀਨੰਗਲ, ਹੁਸ਼ਿਆਰਪੁਰ ’ਚ ਇਸ਼ਰ ਸਿੰਘ ਮੰਝਪੁਰ, ਮੁਲਾਂਪੁਰ ਦਾਖਾ ਤੋਂ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸਮਰਾਲਾ ਤੋਂ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ, ਭਵਾਨੀਗੜ੍ਹ ਤੋਂ ਸਾਬਕਾ ਵਿਧਾਇਕ ਬੱਲੂਆਣਾ, ਇਸਤਰੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਮਜੀਤ ਕੌਰ ਵਿਰਕ, ਬੇਅੰਤ ਕੌਰ ਬਰਨਾਲਾ, ਹਰਵਿੰਦਰ ਸਿੰਘ ਗੋਲਡੀ ਤੂਰ, ਪ੍ਰਭਜੀਤ ਸਿੰਘ ਲੱਕੀ ਅਤੇ ਨਰਿੰਦਰ ਸਿੰਘ ਤੂਰ ਰਾਹ ਵਿੱਚ ਹੀ ਰੋਕ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪੁਲੀਸ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਨੇ ਐਮਰਜੈਂਸੀ ਵਰਗੇ ਹਾਲਾਤ ਬਣਾ ਦਿੱਤੇ ਹਨ। ਇਕ ਪਾਸੇ ਸੂਬਾ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਨਾਲ ਧੱਕਾ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਉਸ ਦਾ ਵਿਰੋਧ ਕਰਨ ਵਾਲਿਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ ਅਤੇ ਥਾਣਿਆਂ ਵਿੱਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਨੂੰ ਪੁਲੀਸ ਰਾਜ ਬਣਾ ਕੇ ਰੱਖ ਦਿੱਤਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ‘ਆਪ’ ਦੀ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।