ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਆਦੇਸ਼ ਦਿੱਤਾ ਹੈ ਕਿ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਅਕਤੂਬਰ ਵਿੱਚ ਕੀਤੇ ਇਜਲਾਸ ਦੀ ਕਾਰਵਾਈ ਨੂੰ 15 ਦਿਨਾਂ ਵਿੱਚ ਰੱਦ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਸਕੂਲ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਦੇ ਘਾਟੇ ਵਿੱਚ ਚੱਲਣ ਦਾ ਮਾਮਲਾ ਅਤੇ ਪਿਛਲੇ 20 ਸਾਲਾਂ ਵਿੱਚ ਲੱਗੇ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਕਰਵਾਉਣ ਦੀ ਗੱਲ ਵੀ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਦਿੱਲੀ ਕਮੇਟੀ ਦੇ ਪ੍ਰਧਾਨ, ਜਨਰਲ ਸਕੱਤਰ ਤੇ ਹੋਰਨਾਂ ਨੂੰ ਅਕਾਲ ਤਖ਼ਤ ਵਿਖੇ ਆਪਣਾ ਪੱਖ ਰੱਖਣ ਲਈ ਤਲਬ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੱਜ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਰ ਅਹੁਦੇਦਾਰ ਤੇ ਮੈਂਬਰ ਇਥੇ ਪੁੱਜੇ ਸਨ, ਜਿਨ੍ਹਾਂ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਮੀਡੀਆ ਨੂੰ ਇਸ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਗੜਗੱਜ ਨੇ ਦੱਸਿਆ ਕਿ ਦਿੱਲੀ ਕਮੇਟੀ ਦੇ ਸਿੱਖ ਆਗੂਆਂ ਨੂੰ ਆਖਿਆ ਹੈ ਕਿ ਉਹ 15 ਦਿਨਾਂ ਦੇ ਵਿੱਚ ਆਦੇਸ਼ ਦੀ ਉਲੰਘਣਾ ਕਰਕੇ ਕੀਤੇ ਗਏ ਇਜਲਾਸ ਦੀ ਕਾਰਵਾਈ ਨੂੰ ਰੱਦ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਨੂੰ ਇਜਲਾਸ ਵਿੱਚ ਪਾਸ ਕੀਤੇ ਮਤੇ ਬਾਰੇ ਵੀ ਵਿਚਾਰ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਦਿੱਲੀ ਕਮੇਟੀ ਦੇ ਸਿੱਖ ਆਗੂਆਂ ਨੂੰ ਆਖਿਆ ਕਿ ਜੇ ਸਿੱਖ ਸੰਸਥਾਵਾਂ ਹੀ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਅਣਦੇਖੀ ਕਰਨਗੀਆਂ ਤਾਂ ਫਿਰ ਇਸ ਦੀ ਸਰਵਉੱਚਤਾ ਨੂੰ ਕਿਵੇਂ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਵੀ ਸਿੱਖ ਜਥੇਬੰਦੀ ਨੇ ਅੱਜ ਮੁਲਾਕਾਤ ਕੀਤੀ ਹੈ ਅਤੇ ਉਸ ਵੇਲੇ ਮਾਰੇ ਗਏ ਸਿੱਖਾਂ ਨੂੰ ਸ਼ਹੀਦ ਕਰਾਰ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਨੇ 25 ਅਕਤੂਬਰ ਨੂੰ ਹੋਈ ਕਮੇਟੀ ਦੀ ਜਨਰਲ ਹਾਊਸ ਮੀਟਿੰਗ ਦੇ ਸਬੰਧ ਵਿਚ ਕਮੇਟੀ ਦੇ ਅਹੁਦੇਦਾਰਾਂ ਨੂੰ ਸੱਦਿਆ ਸੀ। ਅੱਜ ਮੀਟਿੰਗ ਬਹੁਤ ਹੀ ਚੰਗੇ ਤੇ ਵਧੀਆ ਮਾਹੌਲ ਵਿਚ ਹੋਈ, ਜਿਸ ਵਿਚ ਪੰਥ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਾਲ-ਨਾਲ ਦਿੱਲੀ ਗੁਰਦੁਆਰਾ ਕਮੇਟੀ ਦੇ ਮਸਲਿਆਂ ਬਾਰੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਜਥੇਦਾਰ ਨੇ ਕਿਹਾ ਹੈ ਕਿ ਉਹ 13 ਅਪਰੈਲ ਨੂੰ ਵਿਸਾਖੀ ਮਗਰੋਂ ਦਿੱਲੀ ਦੀਆਂ ਸਾਰੀਆਂ ਧਿਰਾਂ ਦੀ ਸਾਂਝੀ ਮੀਟਿੰਗ ਸੱਦ ਕੇ ਸਾਰੇ ਮਸਲਿਆਂ ’ਤੇ ਵਿਚਾਰ ਕਰਨਗੇ। ਵਫਦ ਵਿਚ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਮੈਂਬਰ ਭੁਪਿੰਦਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਬੱਬਰ ਤੇ ਹੋਰ ਸ਼ਾਮਲ ਸਨ।
