ਅਕਾਲ ਤਖਤ ਅਤੇ ਤਖਤ ਪਟਨਾ ਸਾਹਿਬ ਦੇ ਜਥੇਦਾਰਾਂ ਦਰਮਿਆਨ ਪੈਦਾ ਹੋਏ ਮਤਭੇਦ ਫਿਲਹਾਲ ਜਾਰੀ ਹਨ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਵਫ਼ਦ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦਰਮਿਆਨ ਪਟਨਾ ਸਾਹਿਬ ਵਿੱਚ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖਤ ਵੱਲੋਂ ਜਾਰੀ ਆਦੇਸ਼ ’ਤੇ ਮੁੜ ਵਿਚਾਰ ਕਰਨ ਦੀ ਗੱਲ ਰੱਖੀ। ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਦੋਵਾਂ ਪ੍ਰਬੰਧਕ ਕਮੇਟੀਆਂ ਦੇ ਪ੍ਰਤੀਨਿਧਾਂ ਵਿਚਾਲੇ ਮੀਟਿੰਗ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ ਹੈ। ਉਨ੍ਹਾਂ ਆਪਣਾ ਪੱਖ ਵਫ਼ਦ ਸਾਹਮਣੇ ਰੱਖਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਦੂਜੀ ਧਿਰ ਦਾ ਪੱਖ ਵੀ ਜਾਨਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਜਾਰੀ ਕੀਤੇ ਗਏ ਆਦੇਸ਼ ’ਤੇ ਮੁੜ ਵਿਚਾਰ ਹੋਣਾ ਚਾਹੀਦਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਵੱਲੋਂ ਹੋਏ ਫੈਸਲੇ ਤੋਂ ਬਾਅਦ ਪ੍ਰਬੰਧਕਾਂ ਵਿੱਚ ਕੁਝ ਮਤਭੇਦ ਉਭਰ ਆਏ ਸਨ ਜਿਸ ਦਾ ਸਿੱਖ ਸੰਗਤ ’ਤੇ ਡੂੰਘਾ ਪ੍ਰਭਾਵ ਪੈ ਰਿਹਾ ਸੀ। ਵਫ਼ਦ ਨੇ ਹੁਣ ਤੱਕ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰਨਾਂ ਨਾਲ ਮੀਟਿੰਗ ਕੀਤੀ ਹੈ। ਸਿੱਖ ਸੰਸਥਾ ਦਾ ਮਕਸਦ ਇਸ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਹੈ। ਉਹ ਇਸ ਮੀਟਿੰਗ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜੋ ਆਦੇਸ਼ ਜਾਰੀ ਕੀਤੇ ਗਏ ਸਨ, ਉਥੋਂ ਦੀ ਪ੍ਰਬੰਧਕ ਕਮੇਟੀ ਨੇ ਵੀ ਉਸ ਨਾਲ ਸਹਿਮਤੀ ਪ੍ਰਗਟਾਈ ਸੀ। ਪਰ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਉਂਦੇ ਹੋਏ ਸ਼੍ਰੋਮਣੀ ਕਮੇਟੀ ਦਾ ਪੱਖ ਰੱਖਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਇਹ ਮਾਮਲਾ ਜਲਦੀ ਹੱਲ ਹੋ ਜਾਵੇਗਾ।