ਅਕਾਲ ਤਖ਼ਤ ਤੋਂ ਕਿਸੇ ਇਕ ਧਿਰ ਨੂੰ ਮਾਨਤਾ ਨਹੀਂ: ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੇ ਸਥਾਪਨਾ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਆਖਿਆ ਕਿ ਅਕਾਲ ਤਖਤ ਤੋਂ ਕਿਸੇ ਇੱਕ ਧਿਰ ਨੂੰ ਮਾਨਤਾ ਨਹੀਂ ਹੈ ਸਗੋਂ ਹੋਰ ਵੀ ਧਿਰਾਂ ਹਨ, ਜਿਨ੍ਹਾਂ ਨੂੰ ਅਕਾਲ ਤਖਤ ਤੋਂ ਥਾਪੜਾ ਮਿਲਿਆ ਹੋਇਆ ਹੈ। ਉਨ੍ਹਾਂ ਵਿਸ਼ਵ ਵਿੱਚ ਵਸਦੇ ਸਮੂਹ ਸਿੱਖਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਥਾਪਨਾ 1 ਮਈ 1994 ਨੂੰ ਸ੍ਰੀ ਅਕਾਲ ਤਖਤ ਵਿਖੇ ਹੋਈ ਸੀ। ਇਸ ਪਾਰਟੀ ਵੱਲੋਂ ਅੱਜ ਸਥਾਪਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਕਾਲ ਤਖਤ ਦੇ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸਮਾਗਮ ਵਿੱਚ ਪਾਰਟੀ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਤੇ ਹੋਰ ਪਾਰਟੀ ਆਗੂ ਤੇ ਕਾਰਕੁਨ ਹਾਜ਼ਰ ਸਨ। ਇਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿਮਰਨਜੀਤ ਸਿੰਘ ਮਾਨ ਨੂੰ ਸਿਰੋਪਾਓ ਵੀ ਭੇਟ ਕੀਤਾ। ਦੱਸਣਯੋਗ ਹੈ ਕਿ ਇਸ ਵੇਲੇ ਭਰਤੀ ਸਬੰਧੀ ਵਿਵਾਦ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਸੁਖਬੀਰ ਸਿੰਘ ਬਾਦਲ ਨੂੰ ਵੀ ਜਥੇਦਾਰ ਗੜਗੱਜ ਵੱਲੋਂ ਸਿਰੋਪਾਓ ਦਿੱਤਾ ਗਿਆ ਸੀ। ਜਥੇਦਾਰ ਨੇ ਆਖਿਆ ਕਿ ਇਥੇ ਗੁਰੂ ਘਰ ਵਿੱਚ ਮੀਰੀ ਪੀਰੀ ਦਾ ਸਿਧਾਂਤ ਹੈ ਜਿੱਥੇ ਧਰਮ ਰਾਜਨੀਤੀ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ ਜਿਸ ਤਹਿਤ ਉਹ ਸਮਾਗਮ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਸਮੁੱਚੀ ਕੌਮ ਨੂੰ ਮੁੜ ਇਕਜੁੱਟ ਹੋਣ ਦੀ ਅਪੀਲ ਕੀਤੀ।

Scroll to Top