ਅਕਾਲ ਤਖ਼ਤ ਦੀ ਭਰਤੀ ਕਮੇਟੀ ਦੀ ਬੈਠਕ ’ਚ ਵਿਘਨ ਪਾਉਣ ਦਾ ਦੋਸ਼

ਅਕਾਲ ਤਖ਼ਤ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾਂ ਅਤੇ ਸੰਤਾ ਸਿੰਘ ਉਮੈਦਪੁਰੀ ਨੇ ਦੋਸ਼ ਲਾਇਆ ਹੈ ਕਿ ਇੱਥੇ ਗੁਰਦੁਆਰੇ ਸਾਹਿਬ ਵਿੱਚ ਹੋਈ ਮੀਟਿੰਗ ਵਿੱਚ ਕਥਿਤ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਸਾਜ਼ਿਸ਼ੀ’ ਰੋਕਾਂ ਦੇ ਬਾਵਜੂਦ ਭਰਵੀਂ ਮੀਟਿੰਗ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਮੀਟਿੰਗ ਹਾਲ ਦੀ ਇਜਾਜ਼ਤ ਲੈਣ ਦੇ ਬਾਵਜੂਦ ਮੀਟਿੰਗ ਰੋਕਣ ਲਈ ਹਾਲ ਨੂੰ ਤਾਲਾ ਲਾ ਦਿੱਤਾ ਅਤੇ ਐਂਟਰੀ ਗੇਟ ’ਤੇ ਟਰੈਕਟਰ ਖੜ੍ਹਾ ਕੀਤਾ ਗਿਆ। ਉਨ੍ਹਾਂ ਇਸ ਸਬੰਧੀ 10 ਮਈ ਨੂੰ ਫਤਹਿਗੜ੍ਹ ਸਾਹਿਬ ’ਚ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਹੇਠ ਮੀਟਿੰਗ ਕਰਨ ਦਾ ਐਲਾਨ ਕੀਤਾ। ਸੀਨੀਅਰ ਆਗੂ ਅਮਰਿੰਦਰ ਸਿੰਘ ਸੋਨੂ ਲਿਬੜਾ ਨੇ ਇਸ ਮੰਤਵ ਲਈ 40 ਬੱਸਾਂ ਦੇ ਪ੍ਰਬੰਧ ਦਾ ਐਲਾਨ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਦੋਸ਼ ਲਾਇਆ ਕਿ ਅਕਾਲ ਤਖ਼ਤ ਵੱਲ ਪਿੱਠ ਕਰੀਂ ਖੜ੍ਹੇ ਧੜੇ ਨੇ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਮਿਲ ਰਹੇ ਹੁੰਗਾਰੇ ਤੋਂ ਘਬਰਾ ਕੇ ਗ਼ੈਰ-ਇਖ਼ਲਾਕੀ ਅਤੇ ਸੌੜੀ ਸੋਚ ਕਾਰਨ ਅਜਿਹਾ ਕੀਤਾ ਹੈ। ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸ਼ਹਿ ’ਤੇ ਹੋਇਆ ਹੈ। ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਦੋਸ਼ ਲਾਇਆ ਕਿ ਦੇਸ਼-ਵਿਦੇਸ਼ ਤੋਂ ਮੈਂਬਰਸ਼ਿਪ ਪ੍ਰਤੀ ਭਾਰੀ ਉਤਸ਼ਾਹ ਕਾਰਨ ਭਗੌੜੇ ਦਲ ਦੇ ਆਗੂ ਬੁਖ਼ਲਾਹਟ ਦਾ ਸ਼ਿਕਾਰ ਹੋ ਕੇ ਅਜਿਹੀਆਂ ਕਾਰਵਾਈਆਂ ਕਰ ਰਹੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ। ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਇਸ ਕਾਰਵਾਈ ਦੀ ਆਲੋਚਨਾ ਕਰਦਿਆਂ ਨੌਜਵਾਨਾਂ ਨੂੰ ਭਰਤੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਿੱਖ ਕੌਮ ਮੀਟਿੰਗ ਹਾਲ ਨੂੰ ਤਾਲੇ ਲਗਵਾਉਣ ਦੀ ਕਾਰਵਾਈ ਦਾ ਜਵਾਬ ਆਉਣ ਵਾਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਦੇਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਦੋਹਤੇ ਗੁਰਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਹਰਵੇਲ ਸਿੰਘ ਮਾਧੋਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਹਾਜ਼ਰ ਸਨ।

Scroll to Top