ਅਹੁਦਿਆਂ ਤੇ ਧਾਰਮਿਕ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਿਆ ਜਾਵੇ: ਗਿਆਨੀ ਰਘਬੀਰ ਸਿੰਘ

ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਧਾਰਮਿਕ ਸਥਾਨਾਂ, ਅਹੁਦਿਆਂ ਅਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ ਹੈ। ਅੰਤਰਿੰਗ ਕਮੇਟੀ ਦੇ ਫੈਸਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਕੁਝ ਵਾਪਰ ਰਿਹਾ ਹੈ, ਉਹ ਸਾਡੀਆਂ ਸੰਸਥਾਵਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਨੂੰ ਦੋ ਦਿਨ ਪਹਿਲਾਂ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੀਆਂ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਇਹ ਬਿਆਨ ਇਸ ਸੰਦਰਭ ਵਿੱਚ ਸਾਹਮਣੇ ਆਇਆ ਹੈ ਕਿ ਇਸ ਵੇਲੇ ਸਿੱਖ ਜਥੇਬੰਦੀਆਂ ਵੱਲੋਂ ਅੰਤਰਿੰਗ ਕਮੇਟੀ ਦੇ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਈ ਅਕਾਲੀ ਆਗੂਆਂ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਗਿਆ ਹੈ। ਬੀਤੀ ਰਾਤ ਬਿਕਰਮ ਸਿੰਘ ਮਜੀਠੀਆ ਨੇ ਵੀ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਜੋ ਸਿੱਖ ਪਰੰਪਰਾਵਾਂ ਨੂੰ ਸਮਝਦੇ ਹਨ ਅਤੇ ਸਿੱਖ ਸੰਸਥਾਵਾਂ ਦਾ ਮਾਣ ਸਨਮਾਨ ਕਰਦੇ ਹਨ, ਉਨ੍ਹਾਂ ਦੇ ਮਨਾਂ ਵਿੱਚ ਅਜਿਹੀ ਸਥਿਤੀ ਵਿੱਚ ਰੋਸ ਆਉਣਾ ਸੁਭਾਵਿਕ ਹੈ। ਹਰ ਇੱਕ ਸਿੱਖ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਵੱਲ ਦੇਖਦਾ ਹੈ ਅਤੇ ਉਨ੍ਹਾਂ ਦੇ ਆਦੇਸ਼-ਸੰਦੇਸ਼ ਸਿਰ ਮੱਥੇ ਪ੍ਰਵਾਨ ਕਰਦਾ ਹੈ ਪਰ ਜਦੋਂ ਇਨ੍ਹਾਂ ਸੰਸਥਾਵਾਂ ਅਤੇ ਅਹੁਦਿਆਂ ਦੇ ਮਾਨ ਸਨਮਾਨ ਨੂੰ ਢਾਹ ਲੱਗਦੀ ਹੈ ਤਾਂ ਰੋਸ ਦਾ ਪ੍ਰਗਟਾਵਾ ਸੁਭਾਵਕ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਵੀ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਆਖਿਆ ਕਿ ਸ੍ਰੀ ਅਕਾਲ ਤਖਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀਆਂ ਤਿੰਨ ਪ੍ਰਮੁੱਖ ਸੰਸਥਾਵਾਂ ਹਨ। ਇਸ ਵੇਲੇ ਇਨ੍ਹਾਂ ਤਿੰਨਾਂ ਮੁੱਖ ਸਿੱਖ ਸੰਸਥਾਵਾਂ ਦੇ ਮੁਖੀ ਇਨ੍ਹਾਂ ਦੇ ਅਹੁਦਿਆਂ ’ਤੇ ਨਹੀਂ ਹਨ। ਸ੍ਰੀ ਅਕਾਲ ਤਖਤ ਦਾ ਜਥੇਦਾਰ ਇਸ ਵੇਲੇ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਅਹੁਦੇ ਤੋਂ ਅਸਤੀਫਾ ਦਿੱਤਾ ਹੋਇਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦਾ ਵੀ ਪੱਕਾ ਪ੍ਰਧਾਨ ਨਹੀਂ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਮੌਜੂਦਾ ਸਥਿਤੀ ਵਿੱਚ ਤਿੰਨਾਂ ਸਿੱਖ ਸੰਸਥਾਵਾਂ ਦੇ ਮੁਖੀਆਂ ਨੂੰ ਸਿਰ ਜੋੜ ਕੇ ਬੈਠਣ ਅਤੇ ਪੰਥਕ ਸਮੱਸਿਆਵਾਂ ਦਾ ਹੱਲ ਕੱਢਣ ਲਈ ਇੱਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਪ੍ਰਸਥਿਤੀਆਂ ਨੂੰ ਲੈ ਕੇ ਅੱਜ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ ਅਤੇ ਇਨ੍ਹਾਂ ਦੇ ਹਲ ਸਬੰਧੀ ਚਰਚਾ ਕੀਤੀ ਹੈ।

Scroll to Top