ਅਜਨਾਲਾ ਥਾਣਾ ਹਿੰਸਾ ਮਾਮਲੇ ਵਿੱਚ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲੀਸ ਵੱਲੋਂ ਦਰਜ ਕੀਤੇ ਕੇਸ ਦੀ ਕਾਰਵਾਈ ਅੱਜ ਅੰਮ੍ਰਿਤਸਰ ਦੀ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਰਸਮੀ ਤੌਰ ’ਤੇ ਸ਼ੁਰੂ ਹੋ ਗਈ। ਇਸ ਤੋਂ ਪਹਿਲਾਂ ਇਹ ਮਾਮਲਾ ਅਜਨਾਲਾ ਦੀ ਸਬ ਅਦਾਲਤ ਵਿੱਚ ਵਿਚਾਰਿਆ ਗਿਆ ਸੀ। ਬਚਾਅ ਪੱਖ ਦੇ ਵਕੀਲ ਰਿਤੂਰਾਜ ਸਿੰਘ ਸੰਧੂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਪੇਸ਼ ਕੀਤੇ 1,200 ਪੰਨਿਆਂ ਦੇ ਚਲਾਨ ਦੀ ਚੰਗੀ ਤਰ੍ਹਾਂ ਜਾਂਚ ਕਰਨ ਲਈ ਵਾਧੂ ਸਮੇਂ ਦੀ ਮੰਗ ਕੀਤੀ ਹੈ, ਜਿਸ ਕਾਰਨ ਅਦਾਲਤ ਨੇ ਕਾਰਵਾਈ 5 ਮਈ ’ਤੇ ਪਾ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਪੰਜ ਮਈ ਨੂੰ ਹੋਵੇਗੀ। ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਉਸ ਦੇ ਵਕੀਲ ਨੇ ਕਿਹਾ ਕਿ ਚਲਾਨ ਵਿੱਚ ਲਾਏ ਗਏ ਦੋਸ਼ਾਂ ਨੂੰ ਘੋਖਣਾ ਤੇ ਵਿਚਾਰਨਾ ਜ਼ਰੂਰੀ ਹੈ। ਉਨ੍ਹਾਂ ਡਿਸਚਾਰਜ ਅਰਜ਼ੀ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ 30 ਅਪਰੈਲ ਨੂੰ ਅਜਨਾਲਾ ਸਬ-ਡੀਵਿਜ਼ਨਲ ਅਦਾਲਤ ਵਿੱਚ ਮੁੱਖ ਚਲਾਨ ਦੇ ਨਾਲ 300 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਮਾਮਲਾ ਟਰਾਇਲ ਲਈ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਭੇਜ ਦਿੱਤਾ ਗਿਆ। ਵਕੀਲ ਨੇ ਸਪੱਸ਼ਟ ਕੀਤਾ ਕਿ ਅਜਨਾਲਾ ਥਾਣਾ ਹਿੰਸਾ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਉਤੇ ਦੂਜੇ ਮੁਲਜ਼ਮਾਂ ਤੋਂ ਵੱਖਰਾ ਕੇਸ ਚੱਲੇਗਾ। ਫਰਵਰੀ 2023 ਵਿੱਚ ਹੋਈ ਇਸ ਝੜਪ ਵਿੱਚ ਕਈ ਪੁਲੀਸ ਮੁਲਾਜ਼ਮ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਸਨ। ਘਟਨਾ ਦੇ ਦੋ ਮਹੀਨਿਆਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿੱਚ ਲੈ ਕੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ ਅਤੇ ਹਿਰਾਸਤ ਦੀ ਮਿਆਦ ਖਤਮ ਹੋਣ ’ਤੇ 23 ਅਪਰੈਲ ਨੂੰ ਅਜਨਾਲਾ ਝੜਪ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਇਸ ਕੇਸ ਦੀ ਸੁਣਵਾਈ ਸ਼ੁਰੂ ਹੋਈ ਹੈ। ਅਦਾਲਤ ਨੇ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਹੈ। ਜਦੋਂ ਕਿ ਇਸ ਕੇਸ ਵਿੱਚ ਉਸ ਦੇ ਬਾਕੀ ਸਾਥੀ ਪੰਜਾਬ ਦੀਆਂ ਜੇਲਾਂ ਵਿੱਚ ਹਨ।
