ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਖ਼ਿਲਾਫ਼ ਕੀਤੀ ਟਿੱਪਣੀ ਮਗਰੋਂ ਸੂਬੇ ਦੀ ਸਿਆਸਤ ਭਖ ਗਈ ਹੈ। ਅੱਜ ਰੋਹ ’ਚ ਆਏ ‘ਆਪ’ ਆਗੂਆਂ ਨੇ ਇਥੇ ਸੈਕਟਰ 4 ਸਥਿਤ ਐੱਮ ਐੱਲ ਏ ਹੋਸਟਲ ਵਿੱਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਈ ਕੈਬਨਿਟ ਮੰਤਰੀ, ਵਿਧਾਇਕ, ਚੇਅਰਮੈਨ ਅਤੇ ਹੋਰ ਪਾਰਟੀ ਦੇ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਪਾਰਟੀ ਵਰਕਰ ਚੰਡੀਗੜ੍ਹ ਸਥਿਤ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕਰਨ ਲਈ ਅੱਗੇ ਵਧੇ। ਚੰਡੀਗੜ੍ਹ ਪੁਲੀਸ ਨੇ ਐੱਮ ਐੱਲ ਏ ਹੋਸਟਲ ਦੇ ਗੇਟ ’ਤੇ ਹੀ ‘ਆਪ’ ਵਰਕਰਾਂ ਨੂੰ ਬੈਰੀਕੇਡ ਲਗਾ ਕੇ ਰੋਕ ਦਿੱਤਾ। ਜਦੋਂ ‘ਆਪ’ ਆਗੂਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਹਰਭਜਨ ਸਿੰਘ ਈ ਟੀ ਓ ਸਣੇ ਦਰਜਨਾਂ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਬਾਅਦ ਦੁਪਹਿਰ ਛੱਡਿਆ। ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਦੋਵੇਂ ਆਗੂ ਮਿਹਨਤ ਦੀ ਕਮਾਈ ਕਰਨ ਵਾਲਿਆਂ ਦਾ ਮਜ਼ਾਕ ਉਡਾਉਣ ਲੱਗੇ ਹੋਏ ਹਨ, ਜੋ ਸ਼ਰਮਨਾਕ ਹੈ। ਉਨ੍ਹਾਂ ਕਿਹਾ, ‘‘ਮੇਰੇ ਪਿਤਾ ਬੈਂਡ ਮਾਸਟਰ ਸਨ, ਜਿਨ੍ਹਾਂ ਨੇ ਮਿਹਨਤ ਕਰ ਕੇ ਸਾਨੂੰ ਪੜ੍ਹਾ ਲਿਖਾ ਕੇ ਇੱਥੇ ਤੱਕ ਪਹੁੰਚਾਇਆ ਹੈ।’’ ਉਨ੍ਹਾਂ ਕਿਹਾ ਕਿ ਬਾਜਵਾ ਅਤੇ ਵੜਿੰਗ ਵਰਗੇ ਆਗੂਆਂ ਨੂੰ ਦਲਿਤ ਤੇ ਗਰੀਬ ਪਰਿਵਾਰਾਂ ਦਾ ਕੋਈ ਜੀਅ ਮੰਤਰੀ ਬਣਦਾ ਹਜ਼ਮ ਨਹੀਂ ਹੁੰਦਾ। ਇਸੇ ਕਰ ਕੇ ਬਾਜਵਾ ਨੇ ਕਿਹਾ ਹੈ, ‘‘ਬੈਂਡ ਵਜਾਉਣ ਵਾਲੇ ਦੇ ਪੁੱਤ ਦਾ ਬੈਂਡ ਵਜਾ ਦਿਆਂਗੇ ਅਤੇ ਵੜਿੰਗ ਨੇ ਕਿਹਾ ਹੈ ਕਿ ਈ ਟੀ ਓ ਦੀ ਧੌਣ ਮਰੋੜਨ ’ਚ ਸਿਰਫ਼ 3 ਮਿੰਟ ਲੱਗਦੇ ਹਨ।’’ ਕੈਬਨਿਟ ਮੰਤਰੀ ਨੇ ਕਿਹਾ ਕਿ ਜੇ ਬਾਜਵਾ ਨੇ ਤੁਰੰਤ ਮੁਆਫੀ ਨਾ ਮੰਗੀ, ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਵਾਂਗੇ। ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਤੇ ਭਾਜਪਾ ਵਰਗੀਆਂ ਪਾਰਟੀਆਂ ਨੇ ਹਮੇਸ਼ਾ ਪਰਿਵਾਰਵਾਦ ਨੂੰ ਉਤਸ਼ਾਹਿਤ ਕੀਤਾ ਹੈ ਜਦਕਿ ‘ਆਪ’ ਨੇ ਪਰਿਵਾਰਵਾਦ ਦੀ ਸਿਆਸਤ ਨੂੰ ਖਤਮ ਕਰਦਿਆਂ ਆਮ ਘਰਾਂ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਵਿਧਾਨ ਸਭਾ ਅਤੇ ਕੈਬਨਿਟ ਤੱਕ ਪਹੁੰਚਾਇਆ ਹੈ।
