‘ਆਪ’ ਨੇ ਐਮਰਜੈਂਸੀ ਦੇ ਦਿਨ ਯਾਦ ਕਰਵਾਏ: ਭੂੰਦੜ

ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਐਮਰਜੈਂਸੀ ਦੇ ਦਿਨਾਂ ਦੀ ਯਾਦ ਦਿਵਾ ਦਿੱਤੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਬਿਨਾਂ ਕਿਸੇ ਮੁੱਢਲੀ ਅਤੇ ਨਿਯਮਤ ਜਾਂਚ ਤੋਂ ਹੀ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਹੈ ਜੋ ਕਿ ਕਾਨੂੰਨ ਦੀ ਉਲੰਘਣਾ ਹੈ। ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ‘ਆਪ’ ਸਰਕਾਰ ਨੇ ਮਜੀਠੀਆ ਨੂੰ 540 ਕਰੋੜ ਦੇ ਡਰੱਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਗੱਲ ਆਖ ਕੇ ਅਦਾਲਤ ਦਾ ਨਿਰਾਦਰ ਕੀਤਾ ਹੈ। ਆਗੂਆਂ ਨੇ ਕਿਹਾ ਕਿ ਮਜੀਠੀਆ ਵਿਰੁੱਧ ਸਿਰਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਝੂਠਾ ਹੈ ਕਿਉਂਕਿ ਸ਼ਿਕਾਇਤ ਵਿੱਚ ਜ਼ਿਕਰ ਕੀਤੀਆਂ ਜਾਇਦਾਦਾਂ ਬਿਕਰਮ ਮਜੀਠੀਆ ਦੇ ਜਨਮ ਤੋਂ ਪਹਿਲਾਂ ਹੀ ਮਜੀਠੀਆ ਪਰਿਵਾਰ ਕੋਲ ਸਨ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਬਿਕਰਮ ਮਜੀਠੀਆ ਨੇ ਸਾਲ 2007 ਵਿੱਚ ਹੀ ਸਰਾਇਆ ਇੰਡਸਟਰੀਜ਼ ਦੀ ਡਾਇਰੈਕਟਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਵੀ ਮਜੀਠੀਆ ਖ਼ਿਲਾਫ਼ ਇਹ ਦੋਸ਼ ਸਰਕਾਰ ਨੇ ਪੇਸ਼ ਕੀਤੇ ਸਨ। ਜਦੋਂ ਸਿਖਰਲੀ ਅਦਾਲਤ ਨੇ ਕੋਈ ਨੋਟਿਸ ਨਾ ਲਿਆ ਤਾਂ ਉਨ੍ਹਾਂ ਦੋਸ਼ਾਂ ਨੂੰ ਨਵਾਂ ਰੂਪ ਦੇ ਕੇ ਕੇਸ ਵਿੱਚ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਅੱਜ ਮੁਹਾਲੀ ਅਦਾਲਤ ਵਿੱਚ ਕਰਫ਼ਿਊ ਵਰਗੀ ਸਥਿਤੀ ਪੈਦਾ ਕੀਤੀ ਜਿਸ ਕਰਕੇ ਆਮ ਲੋਕ ਵੀ ਪ੍ਰੇਸ਼ਾਨ ਹੋਏ। ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਕਾਰਵਾਈ ਨੇ ਲੋਕਾਂ ਨੂੰ ਐਮਰਜੈਂਸੀ ਦੀ ਯਾਦ ਦਿਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਵਾਰ ਵਾਰ ਕੋਸ਼ਿਸ਼ ਕੀਤੀ। ਇਸ ਦੌਰਾਨ ਸੀਨੀਅਰ ਆਗੂਆਂ ਨੇ ਮਜੀਠੀਆ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ’ਤੇ ਵਿਰੋਧੀ ਧਿਰ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਅਤੇ ਲਖਬੀਰ ਸਿੰਘ ਲੋਧੀਨੰਗਲ ਵੀ ਮੌਜੂਦ ਸਨ।

Scroll to Top