‘ਆਪ’ ਲਈ ਕੰਮ ਕਰ ਰਹੀ ਹੈ ਪੁਲੀਸ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਅੱਜ ਇੱਥੇ ਪੁਲੀਸ ਖ਼ਿਲਾਫ਼ ਧਰਨਾ ਦਿੱਤਾ| ਧਰਨਾਕਾਰੀਆਂ ਨੂੰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਦੇ ਵਰਕਰਾਂ ਜਾਂ ਆਗੂਆਂ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ’ਤੇ ਉਹ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਤਰਨ ਤਾਰਨ ਵਿੱਚ ਵੜਨ ਨਹੀਂ ਦੇਵਾਂਗੇ| ਧਰਨੇ ਵਾਲੀ ਥਾਂ ’ਤੇ ਪੁਲੀਸ ਤਰਫ਼ੋਂ ਆਏ ਡੀ ਐੱਸ ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਖ਼ਿਲਾਫ਼ ਦਰਜ ਹੋਏ ਦੋ ਕੇਸਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੜਤਾਲ ਖ਼ਤਮ ਹੋਣ ’ਤੇ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ| ਇਸ ਦੌਰਾਨ ਅਕਾਲੀ ਵਰਕਰਾਂ ਨੇ ਪੁਲੀਸ ਨੂੰ ਮੰਗ ਪੱਤਰ ਵੀ ਸੌਂਪਿਆ| ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਐੱਸ ਐੱਸ ਪੀ ’ਤੇ ਆਮ ਆਦਮੀ ਪਾਰਟੀ (ਆਪ) ਲਈ ਕੰਮ ਕਰਨ ਦੇ ਦੋਸ਼ ਲਾਏ ਅਤੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਲੀਹ ਟੱਪ ਕੇ ‘ਆਪ’ ਦੇ ਸਿਆਸੀ ਏਜੰਟ ਵਜੋਂ ਕੰਮ ਕੀਤਾ ਤਾਂ ਉਨ੍ਹਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪੁਲੀਸ ਵਲੋਂ ਰਾਜਸੀ ਹਿੱਤਾਂ ਕਰ ਕੇ ਜ਼ਿਲ੍ਹੇ ਅੰਦਰ ਕਈ ਪੁਲੀਸ ਅਧਿਕਾਰੀਆਂ ਨੂੰ ਨਿਯਮਾਂ ਤੋਂ ਬਾਹਰ ਜਾ ਕੇ ਤਾਇਨਾਤ ਕਰਨ ਦਾ ਦੋਸ਼ ਵੀ ਲਾਇਆ। ਇਸ ਮੌਕੇ ਤਰਨ ਤਾਰਨ ਤੋਂ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ, ਗੁਲਜ਼ਾਰ ਸਿੰਘ ਰਣੀਕੇ, ਅਲਵਿੰਦਰਪਾਲ ਸਿੰਘ ਪੱਖੋਕੇ, ਲਖਬੀਰ ਸਿੰਘ ਲੋਧੀਨੰਗਲ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਸੰਬੋਧਨ ਕੀਤਾ।

Scroll to Top