
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਰਾਜ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਦਿਨ-ਰਾਤ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੋ ਅਧਿਆਪਕ ਆਗੂਆਂ ਜੌਨੀ ਸਿੰਗਲਾ ਬਠਿੰਡਾ ਅਤੇ ਰਣਜੀਤ ਸਿੰਘ ਪਟਿਆਲਾ ਅੱਜ ਭੁੱਖ ਹੜਤਾਲ ’ਤੇ ਬੈਠ ਗਏ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਮਲੂਕਾ, ਰਜਵੰਤ ਕੌਰ ਅਤੇ ਜਸਪਾਲ ਸਿੰਘ ਨੇ ਦੱਸਿਆ ਕਿ ਸਾਲ 2011 ਵਿੱਚ ਤਤਕਾਲੀਨ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ‘ਪਿਕਟਸ’ ਸੁਸਾਇਟੀ ਅਧੀਨ ਰੈਗੂਲਰ ਕਰ ਦਿੱਤਾ ਗਿਆ ਸੀ ਪਰ ਰੈਗੂਲਰ ਹੋਣ ਦੇ 13 ਸਾਲਾਂ ਮਗਰੋਂ ਵੀ ਉਨ੍ਹਾਂ ਦੇ ਪੂਰੇ ਹੱਕ ਬਹਾਲ ਨਹੀਂ ਹੋਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਸਬੰਧੀ ਜਨਤਕ ਬਿਆਨ ਵੀ ਦਿੱਤਾ ਗਿਆ ਸੀ ਜਿਸ ਮਗਰੋਂ ਉਹ ਮੁੱਕਰ ਗਏ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਲਗਪਗ 30 ਤੋਂ ਵੱਧ ਵਾਰ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਪਰੰਤੂ ਇੱਕ ਵਾਰ ਵੀ ਉਨ੍ਹਾਂ ਨਾਲ ਮੀਟਿੰਗ ਨਹੀਂ ਕੀਤੀ।