ਬੀਤੇ ਦਿਨੀਂ ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਵਾਪਰੀ ਘਟਨਾ ਬਾਰੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਪੁਲੀਸ ਦੀ ਕਾਰਵਾਈ ਨੂੰ ਬੇਹੱਦ ਨਿੰਦਣਯੋਗ ਤੇ ਇਕਪਾਸੜ ਕਰਾਰ ਦਿੱਤਾ ਹੈ। ਉਹਨਾਂ ਆਖਿਆ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਦੱਸਣਯੋਗ ਹੈ ਕਿ ਬੀਤੇ ਦਿਨ ਸ੍ਰੀ ਹੇਮਕੁੰਟ ਸਾਹਿਬ ਯਾਤਰਾ ’ਤੇ ਗਏ ਸਿੱਖ ਸ਼ਰਧਾਲੂਆਂ ਤੇ ਸਥਾਨਕ ਲੋਕਾਂ ਵਿਚਾਲੇ ਝਗੜਾ ਹੋਇਆ ਹੈ ਜਿਸ ਵਿੱਚ ਕੁਝ ਲੋਕ ਜ਼ਖਮੀ ਵੀ ਹੋਏ ਹਨ। ਇਸ ਮਾਮਲੇ ਵਿੱਚ ਸਿੱਖ ਸ਼ਰਧਾਲੂਆਂ ਖਿਲਾਫ ਕੇਸ ਦਰਜ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਅੰਦਰ ਸਿੱਖ ਨੌਜਵਾਨਾਂ ਨਾਲ ਕੀਤੇ ਧੱਕੇ ਅਤੇ ਜਬਰ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਜਾਂਦੀ ਸਿੱਖ ਸੰਗਤ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਜਥੇਦਾਰ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕ ਟਰੱਸਟ ਦੇ ਨੁਮਾਇੰਦਿਆਂ ਨੂੰ ਵੀ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਉਨ੍ਹਾਂ ਵੱਲੋਂ ਸਿੱਖਾਂ ਨੂੰ ਸ਼ਸ਼ਤਰ ਛੱਡ ਕੇ ਯਾਤਰਾ ਉੱਤੇ ਆਉਣ ਲਈ ਕਹਿਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਗੁਰਦੁਆਰਾ ਟਰੱਸਟ ਦੇ ਨੁਮਾਇੰਦਿਆਂ ਪਾਸੋਂ ਉਨ੍ਹਾਂ ਦੀ ਕਾਰਗੁਜ਼ਾਰੀ ਲਈ ਜਵਾਬਤਲਬੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਟਰਸਟ ਦੇ ਨੁਮਾਇੰਦਿਆਂ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਉਤਰਾਖੰਡ ਸਰਕਾਰ ਨਾਲ ਗੱਲਬਾਤ ਕਰਕੇ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਯਕੀਨੀ ਬਣਾਉਣ ਕਿ ਰਾਹ ਵਿੱਚ ਕਿਸੇ ਵੀ ਸਿੱਖ ਸ਼ਰਧਾਲੂ ਨਾਲ ਸਥਾਨਕ ਲੋਕ ਧੱਕਾ ਨਾ ਕਰਨ। ਕਰਣਪ੍ਰਯਾਗ ਵਿੱਚ ਵਾਪਰੀ ਘਟਨਾ ਬਾਰੇ ਗਿਆਨੀ ਗੜਗੱਜ ਨੇ ਉਤਰਾਖੰਡ ਪੁਲੀਸ ਦੀ ਕਾਰਵਾਈ ਨੂੰ ਬੇਹੱਦ ਨਿੰਦਣਯੋਗ ਤੇ ਇਕਪਾਸੜ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇੱਕ ਆਮ ਸੜਕ ’ਤੇ ਹੋਏ ਝਗੜੇ ਦੇ ਕੇਸ ਵਿੱਚ ਸਿੱਖ ਨੌਜਵਾਨਾਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਪਰਚਾ, ਹਿਰਾਸਤੀ ਜਬਰ, ਕੁੱਟਮਾਰ ਅਤੇ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਲੀਲ ਕੀਤਾ ਗਿਆ ਹੈ, ਇਸ ਦੀ ਉੱਚ-ਪੱਧਰੀ ਜਾਂਚ ਅਤੇ ਦੋਸ਼ੀ ਪੁਲੀਸ ਅਧਿਕਾਰੀਆਂ ਵਿਰੁੱਧ ਸਿੱਖ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਪ੍ਰਾਪਤ ਹੋ ਰਹੀ ਜਾਣਕਾਰੀ ਮੁਤਾਬਤ ਪਹਿਲਾਂ ਸਥਾਨਕ ਲੋਕਾਂ ਨੇ ਸਿੱਖ ਨੌਜਵਾਨਾਂ ਉੱਤੇ ਹੱਥ ਚੁੱਕਿਆ ਸੀ, ਜਿਸ ਮਗਰੋਂ ਆਪਣੀ ਆਤਮ ਰੱਖਿਆ ਲਈ ਸਿੱਖਾਂ ਨੇ ਕਿਰਪਾਨ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਰਕਾਰਾਂ ਅਤੇ ਪੁਲੀਸ ਪ੍ਰਸ਼ਾਸਨ ਨੂੰ ਭਲੀਭਾਂਤ ਜਾਣਕਾਰੀ ਹੈ ਕਿ ਦਸਤਾਰ ਅਤੇ ਕਿਰਪਾਨ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਕਕਾਰਾਂ ਨਾਲ ਸਬੰਧਤ ਹਨ। ਗ੍ਰਿਫ਼ਤਾਰੀ ਤੋਂ ਬਾਅਦ ਨੌਜਵਾਨਾਂ ਨੂੰ ਸ਼ਰੇਆਮ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਲੋਕਤੰਤਰ ਅੰਦਰ ਵੱਡੀ ਗ਼ੈਰ-ਸੰਵਿਧਾਨਕ ਕਾਰਵਾਈ ਹੈ, ਇਸ ਲਈ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ।
