ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਬਾਬਾ ਫਕੀਰੀਆ ਦਾਸ ਨੂੰ ਸਮਰਪਿਤ ਕਬੱਡੀ ਕੱਪ ਮੌਕੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਲਈ 2027 ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ। ਸਾਬਕਾ ਉਪ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦਾ ਵਿਕਾਸ ਸਿਰਫ਼ ਅਕਾਲੀ ਦਲ ਦੇ ਰਾਜ ਦੌਰਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਕਾਂਗਰਸ ਅਤੇ ‘ਆਪ’ ਸਰਕਾਰਾਂ ਨੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿਰੋਧੀ ਦਿੱਲੀ ਵਾਲੀਆਂ ਸਾਰੀਆਂ ਪਾਰਟੀਆਂ ਦੀ ਥਾਂ ਪੰਜਾਬ ਦੀ ਖੇਤਰੀ ਪਾਰਟੀ ਦੀ ਸਰਕਾਰ ਨੂੰ ਹੀ ਮੌਕੇ ਦਿੱਤਾ ਜਾਵੇ। ਉਨ੍ਹਾਂ ਨਵੇਂ ਤਜਰਬਿਆਂ ਤੋਂ ਖਹਿੜਾ ਛੁਡਾਉਣ ਲਈ ਵੀ ਕਿਹਾ। ਉਨ੍ਹਾਂ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਕੌਮਾਂਤਰੀ ਕਬੱਡੀ ਕੱਪ ਦੁਬਾਰਾ ਸ਼ੁਰੂ ਕੀਤੇ ਜਾਣਗੇ ਅਤੇ ਇੱਕ ਕਬੱਡੀ ਕੱਪ ਘਰਾਚੋਂ ਵਿੱਚ ਕਰਵਾਇਆ ਜਾਵੇਗਾ। ਉਨ੍ਹਾਂ ਘਰਾਚੋਂ ਵਿੱਚ ਆਧੁਨਿਕ ਸਟੇਡੀਅਮ ਬਣਾਉਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸੰਗਰੂਰ ਅਰਵਿੰਦ ਖੰਨਾ, ਹਲਕਾ ਇੰਚਾਰਜ ਸੁਨਾਮ ਵਿਨਰਜੀਤ ਸਿੰਘ ਗੋਲਡੀ, ਬਾਬਾ ਹਰਜਿੰਦਰ ਪ੍ਰਕਾਸ਼, ਗੁਰਨੈਬ ਸਿੰਘ ਘਰਾਚੋਂ, ਹਰਜਿੰਦਰ ਸਿੰਘ ਜਲਾਣ, ਰੁਪਿੰਦਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ।
