ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਫੇਲ੍ਹ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਨਾਲ ਨਾਲ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ। ਉਹ ਅੱਜ ਬਠਿੰਡਾ ਵਿੱਚ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਸੰਸਦ ਮੈਂਬਰ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿੱਚ ਅਕਾਲੀ ਦਲ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਪਾਰਟੀ ਵਰਕਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਗੈਂਗਸਟਰ ਬੇਖੌਫ਼ ਹੋ ਕੇ ਫਿਰੌਤੀਆਂ ਵਸੂਲ ਰਹੇ ਹਨ ਅਤੇ ਕਤਲ ਕਰ ਰਹੇ ਹਨ। ਰੋਜ਼ਾਨਾ ਵਾਪਰ ਰਹੀਆਂ ਹਿੰਸਕ ਘਟਨਾਵਾਂ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ। ਸ੍ਰੀਮਤੀ ਬਾਦਲ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਵਿਆਹ ਸਮਾਗਮ ਦੌਰਾਨ ਸਰਪੰਚ, ਕਪੂਰਥਲਾ ਵਿੱਚ ਐੱਨ ਆਰ ਆਈ ਔਰਤ ਅਤੇ ਮੋਗਾ ਵਿੱਚ ਪੰਚ ਦੇ ਕਤਲ ਦੀਆਂ ਘਟਨਾਵਾਂ ਨੇ ਸਰਕਾਰ ਦੀ ਨਾਕਾਮੀ ਉਜਾਗਰ ਕੀਤੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਵਪਾਰੀ ਮੇਲਾ ਰਾਮ ਦਾ ਦਿਨ-ਦਿਹਾੜੇ ਕਤਲ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਸੂਬੇ ਦੀ ਕਮਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹਵਾਲੇ ਕਰ ਦਿੱਤੀ ਹੈ ਅਤੇ ‘ਆਪ’ ਦੇ ਹਿੱਤਾਂ ਲਈ ਸੂਬੇ ਦੇ ਸਰੋਤਾਂ ਦੀ ਲੁੱਟ ਕੀਤੀ ਜਾ ਰਹੀ ਹੈ। ਲੁਧਿਆਣਾ ਨਗਰ ਨਿਗਮ ਦੀ ਹੱਦ ਵਧਾ ਕੇ 30 ਪਿੰਡ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਵੀ ਉਨ੍ਹਾਂ ਨੇ ਸ਼ਾਮਲਾਟਾਂ ਵੇਚਣ ਨਾਲ ਜੋੜਿਆ। ਪੱਤਰਕਾਰਾਂ ਅਤੇ ਆਰ ਟੀ ਆਈ ਕਾਰਕੁਨਾਂ ਖ਼ਿਲਾਫ ਦਰਜ ਕੇਸਾਂ ਨੂੰ ਉਨ੍ਹਾਂ ਮੀਡੀਆ ਦੀ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ।
