ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਨਕਲੀ ਖਾਦਾਂ ਦੀ ਵਿਕਰੀ, ਡੀਏਪੀ ਦੀ ਘਾਟ ਅਤੇ ਖਾਦਾਂ ਖਰੀਦਣ ਸਮੇਂ ਨੈਨੋ ਖਾਦਾਂ ਅਤੇ ਕੀਟਨਾਸ਼ਕ ਨੂੰ ਜ਼ਬਰੀ ਕਿਸਾਨਾਂ ਨੂੰ ਮੜ੍ਹਨ ਵਿਰੁੱਧ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ। ਇਸ ਦੌਰਾਨ ਕਿਸਾਨਾਂ ਨੇ 15 ਡਿਪਟੀ ਕਮਿਸ਼ਨਰਾਂ ਤੇ 2 ਐੱਸਡੀਐਮ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜਲਦ ਹੱਲ ਕੱਢਣ ਦੀ ਮੰਗ ਕੀਤੀ। ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਦੀਪ ਸਿੰਘ ਟੱਲੇਵਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਸਣੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਸੂਬੇ ਵਿੱਚ ਨਕਲੀ ਖਾਦਾਂ ਦੀ ਵਿਕਰੀ ’ਤੇ ਰੋਕ ਲਾਈ ਜਾਵੇ ਅਤੇ ਅਜਿਹੀਆਂ ਉਤਪਾਦਕ ਕੰਪਨੀਆਂ ਅਤੇ ਡੀਲਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪ੍ਰਚਲਤ ਖਾਦਾਂ ਦੇ ਨਾਲ ਨੈਨੋ ਖਾਦਾਂ ਤੇ ਹੋਰ ਵਾਧੂ ਵਸਤਾਂ ਸਹਿਕਾਰੀ ਸਭਾਵਾਂ ਅਤੇ ਆਮ ਡੀਲਰਾਂ ਵੱਲੋਂ ਕਿਸਾਨਾਂ ਨੂੰ ਮੜ੍ਹਨਾ ਬੰਦ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਖਾਦਾਂ ਦਾ ਬਨਾਉਟੀ ਸੰਕਟ ਖੜ੍ਹਾ ਕਰ ਕੇ ਨਕਲੀ ਖਾਦਾਂ ਦੇ ਉਤਪਾਦਕ ਅਤੇ ਕਾਲਾਬਜ਼ਾਰੀ ਰਾਹੀਂ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਸ ਕਾਲੇ ਧੰਦੇ ਨੂੰ ਬੰਦ ਕੀਤਾ ਜਾਵੇ।