ਕਿਸਾਨਾਂ ਦੇ ਵਿਰੋਧ ਮਗਰੋਂ ਟ੍ਰਿਬਿਊਨਲ ਟੀਮ ਬੇਰੰਗ ਪਰਤੀ

ਪਾਣੀਆਂ ਦੇ ਗੰਭੀਰ ਮਸਲੇ ਬਾਰੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਟ੍ਰਿਬਿਊਨਲ ਦੇ ਉੱਚ ਅਧਿਕਾਰੀਆਂ ਦੇ ਸ੍ਰੀ ਕੀਰਤਪੁਰ ਸਾਹਿਬ ਦੀ ਲੋਹੰਡ ਖੱਡ ’ਤੇ ਪੁੱਜਣ ਦੀ ਖ਼ਬਰ ਮਿਲਦਿਆਂ ਹੀ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਦੇ ਸੱਦੇ ’ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਬੁੰਗਾ ਸਾਹਿਬ ਨੇੜੇ ਚੰਡੀਗੜ੍ਹ-ਊਨਾ ਮੁੱਖ ਮਾਰਗ ’ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਕਿਸਾਨਾਂ ਦੇ ਇਸ ਰੋਸ ਕਾਰਨ ਟ੍ਰਿਬਿਊਨਲ ਦੇ ਅਧਿਕਾਰੀ ਲੋਹੰਡ ਖੱਡ ਪੁੱਜਣ ਤੋਂ ਪਹਿਲਾਂ ਹੀ ਰਸਤੇ ’ਚੋਂ ਬੇਰੰਗ ਵਾਪਸ ਪਰਤ ਗਏ। ਜਾਣਕਾਰੀ ਅਨੁਸਾਰ ਟ੍ਰਿਬਿਊਨਲ ਦੇ ਅਧਿਕਾਰੀਆਂ ਨੇ ਸਤਲੁਜ-ਯਮੁਨਾ ਲਿੰਕ (ਐੱਸ ਵਾਈ ਐੱਲ) ਨਹਿਰ ਦੇ ਮਸਲੇ ਸਬੰਧੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ), ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈਣਾ ਸੀ। ਪਰ ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀਆਂ ਸਬੰਧੀ ਕੋਈ ਵੀ ਫੈਸਲਾ ਸੂਬੇ ਦੀ ਸਹਿਮਤੀ ਤੋਂ ਬਿਨਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨਾਂ ਦੇ ਭਾਰੀ ਇਕੱਠ ਨੂੰ ਦੇਖਦਿਆਂ ਕੋਈ ਵੀ ਸਰਕਾਰੀ ਅਧਿਕਾਰੀ ਲੋਹੰਡ ਖੱਡ ਤੱਕ ਨਹੀਂ ਪਹੁੰਚ ਸਕਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਬਰਿੰਦਰ ਢਿੱਲੋਂ ਵੀ ਧਰਨੇ ਵਿੱਚ ਸ਼ਾਮਲ ਹੋਏ। ਉਨ੍ਹਾਂ ਪੰਜਾਬ ਦੇ ਹਿੱਤਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ’ਤੇ ਤਨਜ ਕਸਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਦਸਤਾਰ ਸਜਾ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ। ਧਰਨੇ ਕਾਰਨ ਮੁੱਖ ਮਾਰਗ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ। ਕਿਸਾਨਾਂ ਵੱਲੋਂ ਕਰੀਬ ਤਿੰਨ ਘੰਟੇ ਬਾਅਦ ਧਰਨਾ ਚੁੱਕਿਆ ਗਿਆ, ਜਿਸ ਮਗਰੋਂ ਆਵਾਜਾਈ ਬਹਾਲ ਹੋ ਸਕੀ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨ ਵਿੱਚ ਪੰਜਾਬ ਮੋਰਚਾ ਦੇ ਪ੍ਰਧਾਨ ਗੌਰਵ ਰਾਣਾ, ਬੀਰ ਸਿੰਘ ਬੜਵਾ, ਜੈਮਲ ਸਿੰਘ ਭੜੀ ਅਤੇ ਸ਼ਮਸ਼ੇਰ ਸਿੰਘ ਸ਼ੇਰਾ ਸਮੇਤ ਕਈ ਆਗੂ ਮੌਜੂਦ ਸਨ।

Scroll to Top