ਕੇਂਦਰ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨਵੀਂ ਕੇਂਦਰੀ ਖੇਤੀ ਮੰਡੀਕਰਨ ਨੀਤੀ ਵਿਰੁੱਧ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨਿੱਤਰ ਆਈਆਂ ਹਨ ਜਿਨ੍ਹਾਂ ਨੇ ਅੱਜ ਲੋਹੜੀ ਦੇ ਤਿਉਹਾਰ ਮੌਕੇ ਪੰਜਾਬ ਭਰ ਵਿੱਚ 100 ਤੋਂ ਵੱਧ ਥਾਵਾਂ ’ਤੇ ਰੋਸ ਮੁਜ਼ਾਹਰੇ ਕੀਤੇ ਅਤੇ ਨਵੀਂ ਕੇਂਦਰੀ ਖੇਤੀ ਮੰਡੀਕਰਨ ਨੀਤੀ ਖਰੜੇ ਦੀਆਂ ਕਾਪੀਆਂ ਸਾੜੀਆਂ। ਇਸ ਵਿੱਚ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ), ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨਾਲ ਜੁੜੀਆਂ ਸਾਰੀਆਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਨੌਜਵਾਨ, ਬਜ਼ੁਰਗ ਤੇ ਔਰਤਾਂ ਸ਼ਾਮਲ ਹੋਈਆਂ। ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੇ ਤਹਿਸੀਲਾਂ ਵਿੱਚ ਹੋਏ ਰੋਜ਼ ਮੁਜ਼ਾਹਰਿਆਂ ਨੂੰ ਕਿਸਾਨ ਆਗੂ ਮੁਕੇਸ਼ ਚੰਦਰ, ਬੂਟਾ ਸਿੰਘ ਬੁਰਜਗਿੱਲ, ਡਾ. ਸਤਨਾਮ ਅਜਨਾਲਾ, ਰੁਲਦੂ ਸਿੰਘ ਮਾਨਸਾ, ਨਿਰਭੈ ਸਿੰਘ ਢੁੱਡੀਕੇ, ਜੰਗਵੀਰ ਚੌਹਾਨ, ਬਿੰਦਰ ਸਿੰਘ ਗੋਲੇਵਾਲ, ਭੋਗ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਹਰਜਿੰਦਰ ਸਿੰਘ ਢਾਂਡਾ, ਸੁਖਦੇਵ ਸਿੰਘ ਕੋਕਰੀਕਲਾਂ, ਅੰਗਰੇਜ਼ ਸਿੰਘ ਭਦੌੜ, ਰੂਪ ਬਸੰਤ ਸਿੰਘ, ਬਲਕਰਨ ਸਿੰਘ ਬਰਾੜ, ਹਰਦੇਵ ਸਿੰਘ ਸੰਧੂ ਆਦਿ ਨੇ ਕਿਹਾ ਕਿ ਜੇ ਇਹ ਖਰੜਾ ਲਾਗੂ ਹੁੰਦਾ ਹੈ ਤਾਂ ਕਿਸਾਨਾਂ, ਖੇਤ ਮਜ਼ਦੂਰਾਂ, ਛੋਟੇ ਉਤਪਾਦਕਾਂ ਅਤੇ ਛੋਟੇ ਵਪਾਰੀਆਂ ਦੇ ਹਿੱਤਾਂ ਨੂੰ ਤਬਾਹ ਕਰ ਦੇਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਨਵੀਂ ਖੇਤੀ ਮੰਡੀਕਰਨ ਨੀਤੀ ਵਿੱਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਐੱਮਐੱਸਪੀ ਤੇ ਘੱਟੋ-ਘੱਟ ਉਜਰਤ ਨੂੰ ਯਕੀਨੀ ਬਣਾਉਣ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਦਾ ਮੁੱਖ ਪ੍ਰਸਤਾਵ ਮੌਜੂਦਾ ਖੇਤੀ ਮੰਡੀਕਰਨ ਪ੍ਰਣਾਲੀ ਦਾ ਬੁਨਿਆਦੀ ਢਾਂਚਾ ਬਦਲ ਕੇ ਇਕੋ ਕੌਮੀ ਮੰਡੀ ਸਥਾਪਤ ਕਰਨਾ ਹੈ। ਇਸ ਦੇ ਲਾਗੂ ਹੋਣ ਨਾਲ ਦੇਸ਼ ਭਰ ਵਿੱਚ ਖੇਤੀ ਕਿੱਤੇ ਉੱਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ।