ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣ ਪ੍ਰਚਾਰ ਲਈ ਤਰਨ ਤਾਰਨ ਆਉਣ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੋਸ ਪ੍ਰਗਟ ਕੀਤਾ ਤੇ ਭਾਰੀ ਸੁਰੱਖਿਆ ਬਾਵਜੂਦ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਇਸ ਤੋਂ ਪਹਿਲਾਂ 17 ਅਕਤੂਬਰ ਨੂੰ ਪਾਰਟੀ ਉਮੀਦਵਾਰ ਵੱਲੋਂ ਆਪਣੀ ਨਾਮਜ਼ਦਗੀ ਦਾਖ਼ਲ ਕਰਨ ਮੌਕੇ ਮੁੱਖ ਮੰਤਰੀ ਦੇ ਇੱਥੇ ਆਉਣ ’ਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ ਤੇ ਅੱਜ ਫ਼ਿਰ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਕਿਸਾਨਾਂ ਤੇ ਮਜ਼ਦੂਰਾਂ ਨੂੰ ਸ਼ਹਿਰ ਅੰਦਰ ਦਾਖਲ ਹੋਣ ਤੋਂ ਰੋਕਣ ਲਈ ਪੁਲੀਸ ਨੇ ਇਲਾਕੇ ਨੂੰ ਛਾਉਣੀ ਵਿੱਚ ਬਦਲ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਸ਼ਹਿਰ ਬਾਹਰ ਡੇਰੇ ਅੰਦਰ ਤਾਲ਼ਾ ਲਾ ਕੇ ਬੰਦ ਕਰ ਦਿੱਤਾ ਪਰ ਉਹ ਤਾਲ਼ਾ ਤੋੜ ਕੇ ਇੱਥੇ ਬੋਹੜੀ ਚੌਕ ਤੱਕ ਪਹੁੰਚ ਗਏ, ਜਿੱਥੇ ਉਨ੍ਹਾਂ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਇੱਥੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਕਿਸਾਨ ਤਾਂ ਕੇਵਲ ਸ਼ਾਂਤਮਈ ਤਰੀਕੇ ਨਾਲ ਆਪਣੇ ਸਵਾਲਾਂ ਦਾ ਜਵਾਬ ਲੈਣਾ ਚਾਹੁੰਦੇ ਹਨ ਤੇ ਉਹ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਨਾਲ ਹੋਏ ਧੱਕੇ ਅਤੇ ਚੋਰੀ ਕੀਤੀਆਂ ਟਰਾਲੀਆਂ ਦਾ ਹਿਸਾਬ ਚਾਹੁੰਦੇ ਹਨ, ਜਿਸ ਨੂੰ ਸਰਕਾਰ ਸੁਣਨ ਤੱਕ ਲਈ ਵੀ ਤਿਆਰ ਨਹੀਂ ਹੈ। ਮੁੱਖ ਮੰਤਰੀ ਦਾ ਪੁਤਲਾ ਸੜਦਿਆਂ ਕਿਸਾਨਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
Bottom of Form
