ਕਿਸਾਨ-ਮਜ਼ਦੂਰ ਮੋਰਚੇ ਦੌਰਾਨ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਬੱਲ੍ਹੋ ਦੀ ਦੂਜੀ ਬਰਸੀ ਮੌਕੇ ਅੱਜ ਦੇਸ਼ ਭਰ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਏ ਗਏ। ਮੋਰਚੇ ਵੱਲੋਂ ਪੰਜਾਬ, ਰਾਜਸਥਾਨ, ਬਿਹਾਰ, ਮੱਧ ਪ੍ਰਦੇਸ਼, ਕੇਰਲਾ, ਤਾਮਿਲਨਾਡੂ, ਕਾਰਾ ਕਾਲ (ਪੁੱਡੂਚੇਰੀ), ਜੰਮੂ ਕਸ਼ਮੀਰ ਤੇ ਹਰਿਆਣਾ ਵਿੱਚ ਲੱਖਾਂ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਸ਼ੁਭਕਰਨ ਸਿੰਘ ਤੇ ਹੋਰ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ, ਬੀ ਕੇ ਯੂ ਬਹਿਰਾਮ ਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਬੀ ਕੇ ਯੂ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੋਧਰ, ਬੀ ਕੇ ਯੂ ਕ੍ਰਾਂਤੀਕਾਰੀ ਦੇ ਆਗੂ ਜਗਮੋਹਨ ਸਿੰਘ ਕੰਗ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਿਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਦਿੱਲੀ ਅੰਦੋਲਨ ਦੋ ਦੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ 3 ਕਰੋੜ 77 ਲੱਖ ਰੁਪਏ ਦੀਆਂ ਟਰਾਲੀਆਂ ਸਣੇ ਸਾਰੇ ਨਸ਼ਟ ਅਤੇ ਚੋਰੀ ਹੋਏ ਸਾਮਾਨ ਦੀ ਭਰਪਾਈ ਕੀਤੀ ਜਾਵੇ।
