ਕਿਸਾਨ ਆਗੂ ਡੱਲੇਵਾਲ ਦੀ ਸਿਹਤ ਹੋਰ ਵਿਗੜੀ, ਮਰਨ ਵਰਤ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਹਾਲਤ ਹੋਰ ਚਿੰਤਾਜਨਕ ਹੋ ਗਈ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੇ ਦਿਲ ਦੀ ਧੜਕਣ, ਬਲੱਡ ਪ੍ਰੈਸ਼ਰ, ਨਬਜ਼ ਆਦਿ ਦੀ ਨਿਗਰਾਨੀ ਕਰਨ ਦੇ ਨਾਲ-ਨਾਲ 12 ਕਿੱਲੋ ਵਜ਼ਨ ਘਟਣ ਦੀ ਪੁਸ਼ਟੀ ਕੀਤੀ ਗਈ। ਉਨ੍ਹਾਂ ਕਿਹਾ ਕਿ ਡੱਲੇਵਾਲ ਦੇ ਗੁਰਦੇ ਫੇਲ੍ਹ ਹੋਣ, ਦਿਲ ਦਾ ਦੌਰਾ ਪੈਣ ਜਾਂ ਲਿਵਰ ਨੂੰ ਨੁਕਸਾਨ ਪਹੁੰਚਣ ਦਾ ਡਰ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੀ ਹਮਾਇਤ ’ਚ 12 ਦਸੰਬਰ ਨੂੰ ਦੇਸ਼ ਵਾਸੀ ਆਪਣੇ ਘਰਾਂ ’ਚ ਸ਼ਾਮ ਦਾ ਖਾਣਾ ਨਾ ਬਣਾਉਣ। ਉਨ੍ਹਾਂ ਕਿਹਾ ਕਿ 13 ਦਸੰਬਰ ਨੂੰ ਸਮੂਹ ਦੇਸ਼ ਵਾਸੀ ਆਪੋ-ਆਪਣੇ ਪਿੰਡਾਂ ਵਿੱਚ ਕੇਂਦਰ ਤੇ ਸੂਬਾ ਸਰਕਾਰਾਂ ਦੇ ਪੁਤਲੇ ਜ਼ਰੂਰ ਫੂਕਣ ਕਿਉਂਕਿ ਕੋਈ ਵੀ ਸਿਆਸੀ ਪਾਰਟੀ ਕਿਸਾਨਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ। ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਬੁੱਧਵਾਰ ਨੂੰ ਦੇਸ਼ ਭਰ ਦੇ ਸਾਰੇ ਧਾਰਮਿਕ ਸਥਾਨਾਂ ’ਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ, ਮੋਰਚਿਆਂ ਦੀ ਮਜ਼ਬੂਤੀ ਅਤੇ ਜ਼ਖਮੀ ਕਿਸਾਨਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਹੈ ਕਿ 13 ਨੂੰ ਵੱਡੇ ਜੱਥੇ ਮੋਰਚੇ ’ਚ ਪਹੁੰਚਣਗੇ।

Scroll to Top