ਕਿਸਾਨ-ਮਜ਼ਦੂਰ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ

ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 90 ਜਨਤਕ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਇੱਥੇ ਦਾਣਾ ਮੰਡੀ ਵਿੱਚ ‘ਸਾਮਰਾਜ ਵਿਰੋਧੀ ਕਾਨਫਰੰਸ’ ਕਰਵਾਈ ਗਈ। ਇਸ ਕਾਨਫਰੰਸ ਵਿੱਚ ਬੀ ਕੇ ਯੂ (ਏਕਤਾ)-ਉਗਰਾਹਾਂ, ਬੀ ਕੇ ਯੂ (ਡਕੌਂਦਾ)-ਧਨੇਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ, ਖੇਤ ਮਜ਼ਦੂਰਾਂ, ਔਰਤਾਂ, ਸਨਅਤੀ ਕਾਮਿਆਂ ਅਤੇ ਮੁਲਾਜ਼ਮਾਂ ਨੇ ਸ਼ਮੂਲੀਅਤ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਾਨਫਰੰਸ ਦੌਰਾਨ ਬੁਲਾਰਿਆਂ ਨੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ਖ਼ਿਲਾਫ਼ ਛੇੜੀ ਜੰਗ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਦੇਸ਼ ਧ੍ਰੋਹੀ ਕਰਾਰ ਦਿੰਦਿਆਂ ਇਸ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕੀਤਾ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਮਗਨਰੇਗਾ ਖਤਮ ਕਰਨ, ਬਿਜਲੀ ਅਤੇ ਬੀਜ ਸੋਧ ਬਿੱਲ ਲਿਆਉਣ, ਮਜ਼ਦੂਰ ਵਿਰੋਧੀ ਕਿਰਤ ਕੋਡ ਲਾਗੂ ਕਰਨ ਅਤੇ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਖਿਲਾਫ਼ ਲੋਕ ਲਹਿਰ ਖੜ੍ਹੀ ਕਰਨੀ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਹਾਕਮ ਜਮਾਤਾਂ ਲੋਕਾਂ ਨੂੰ ਜਾਤ-ਪਾਤ, ਫਿਰਕੂ ਅਤੇ ਇਲਾਕਾਈ ਵੰਡੀਆਂ ਪਾ ਕੇ ਅਸਲ ਮੁੱਦਿਆਂ ਤੋਂ ਭਟਕਾ ਰਹੀਆਂ ਹਨ। ਉਨ੍ਹਾਂ ਦੇਸ਼ ਦੇ ਜਲ, ਜੰਗਲ, ਜ਼ਮੀਨਾਂ ਅਤੇ ਕੁਦਰਤੀ ਸੋਮਿਆਂ ਨੂੰ ਕਾਰਪੋਰੇਟਾਂ ਦੀ ਲੁੱਟ ਤੋਂ ਬਚਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਮਤਿਆਂ ਰਾਹੀਂ ਪੱਤਰਕਾਰ ਮਨਿੰਦਰਜੀਤ ਸਿੱਧੂ ਦਾ ਸੋਸ਼ਲ ਮੀਡੀਆ ਪੇਜ ਬੰਦ ਕਰਨ ਦੀ ਨਿਖੇਧੀ ਕੀਤੀ ਗਈ ਅਤੇ ਇਸ ਨੂੰ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਗਿਆ। ਕਾਨਫਰੰਸ ਨੂੰ ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਬੀ ਕੇ ਯੂ (ਡਕੌਂਦਾ)-ਧਨੇਰ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ, ਬੀ ਕੇ ਯੂ (ਕ੍ਰਾਂਤੀਕਾਰੀ ਪੰਜਾਬ)-ਬੁੱਟਰ ਦੇ ਕਨਵੀਨਰ ਹਰਭਜਨ ਸਿੰਘ ਬੁੱਟਰ, ਮਹਿਲਾ ਕਿਸਾਨ ਆਗੂ ਹਰਿੰਦਰ ਬਿੰਦੂ ਤੇ ਚਰਨਜੀਤ ਕੌਰ, ਗੁਰਦੀਪ ਸਿੰਘ ਰਾਮਪੁਰਾ, ਸ਼ਿੰਗਾਰਾ ਸਿੰਘ ਮਾਨ ਤੋਂ ਇਲਾਵਾ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਪਲਸ ਮੰਚ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਡੈਮੋਕਰੈਟਿਕ ਮੁਲਾਜ਼ਮ ਫਰੰਟ ਦੇ ਗੁਰਮੀਤ ਸਿੰਘ ਸੁਖਪੁਰਾ, ਕ੍ਰਾਂਤੀਕਾਰੀ ਸਾਬਕਾ ਸੈਨਿਕ ਯੂਨੀਅਨ ਦੇ ਮੇਲਾ ਸਿੰਘ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਦੇ ਹਰਜਿੰਦਰ ਸਿੰਘ ਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।

Scroll to Top