ਕੰਪਿਊਟਰ ਅਧਿਆਪਕ ਭੁੱਖ-ਹੜਤਾਲ ਸੰਘਰਸ਼ ਕਮੇਟੀ ਵੱਲੋਂ ਅੱਜ ਇੱਥੇ ਸਿੱਖਿਆ ਭਵਨ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਭਰ ’ਚੋਂ ਕੰਪਿਊਟਰ ਅਧਿਆਪਕ ਸਵੇਰੇ 11 ਵਜੇ ਇੱਥੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ ਤੱਕ ਸਿੱਖਿਆ ਭਵਨ ਦੇ ਬਾਹਰ ਵੱਡੀ ਭੀੜ ਜਮ੍ਹਾਂ ਹੋ ਗਈ। ਉਨ੍ਹਾਂ ਨੇ ਸਿੱਖਿਆ ਭਵਨ ਦੇ ਬਾਹਰ ਸੂਬਾ ਪੱਧਰੀ ਰੈਲੀ ਕੀਤੀ। ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ, ਊਧਮ ਸਿੰਘ ਡੋਗਰਾ, ਰਾਜਵੰਤ ਕੌਰ, ਨਰਦੀਪ ਸ਼ਰਮਾ, ਸੁਸ਼ੀਲ ਅੰਗੁਰਾਲ, ਜੋਨੀ ਸਿੰਗਲਾ, ਰਣਜੀਤ ਸਿੰਘ ਅਤੇ ਰਾਕੇਸ਼ ਸੈਣੀ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਤਨਖ਼ਾਹ-ਕਮਿਸ਼ਨ ਦਾ ਲਾਭ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਫੌਰੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮਹਿਜ਼ ਦੋ ਦਿਨਾਂ ਵਿੱਚ ਅਨਰਵਾਈਜ਼ਡ ਡੀਏ ਜਾਂ ਛੇਵੇਂ ਤਨਖ਼ਾਹ-ਕਮਿਸ਼ਨ ਲਾਗੂ ਕਰਨ ਦੀ ਗੱਲ ਕਹੀ ਸੀ ਪਰ ਹੁਣ ਤੱਕ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਹੋਇਆ। ਅਜੇ ਤੱਕ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।