ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਲਗਾਤਾਰ ਗੁਰੂ ਘਰ ਦੇ ਹਿੱਤਾਂ ਦੇ ਖ਼ਿਲਾਫ਼ ਭੁਗਤ ਰਹੇ ਹਨ। ਉਨ੍ਹਾਂ 328 ਪਾਵਨ ਸਰੂਪ ਗਾਇਬ ਹੋਣ ਅਤੇ ਗੁਰਦੁਆਰਾ ਅੰਬ ਸਾਹਿਬ ਜ਼ਮੀਨ ਘਪਲੇ ਦੇ ਮਾਮਲਿਆਂ ਵਿੱਚ ਸ੍ਰੀ ਧਾਮੀ ’ਤੇ ਉਲਟ ਜਾਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਦਰਜ ਐੱਫ ਆਈ ਆਰ ਮੁਤਾਬਕ ਜਿਨ੍ਹਾਂ ਮੁਲਜ਼ਮਾਂ ਦੀ ਸ਼ਨਾਖ਼ਤ ਹੋ ਚੁੱਕੀ ਹੈ, ਹਰਜਿੰਦਰ ਸਿੰਘ ਧਾਮੀ ਉਨ੍ਹਾਂ ਨੂੰ ਬਚਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਥਕ ਅਕਾਲੀ ਲਹਿਰ ਜਲਦੀ ਹੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਸ਼ਾਮਲ ਅਸਲ ਚਿਹਰੇ ਬੇਨਕਾਬ ਕਰੇਗੀ। ਇਸ ਮੌਕੇ ਉਨ੍ਹਾਂ ਸ੍ਰੀ ਧਾਮੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਪਰ ਨਾ ਤਾਂ ਉਨ੍ਹਾਂ ਦੀ ਸੁਣਵਾਈ ਹੁੰਦੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਪੈਰੋਲ ਦਿੱਤੀ ਜਾਂਦੀ ਹੈ। ਦੂਜੇ ਪਾਸੇ, ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਜੋ ਸਰਾਸਰ ਪੱਖਪਾਤ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਦਿਵਾਇਆ ਕਿ ਉਹ ਸਮੁੱਚੇ ਸੂਬੇ ਦੇ ਮੁਖੀ ਹਨ ਅਤੇ ਉਨ੍ਹਾਂ ਦੀ ਨਜ਼ਰ ਵਿੱਚ ਹਰ ਨਾਗਰਿਕ ਬਰਾਬਰ ਹੋਣਾ ਚਾਹੀਦਾ ਹੈ। ਸਿੱਖ ਬੱਚਿਆਂ ਨੂੰ ਕਕਾਰ ਪਾ ਕੇ ਇਮਤਿਹਾਨਾਂ ਵਿੱਚ ਬੈਠਣ ਤੋਂ ਰੋਕਣ ਦੀਆਂ ਘਟਨਾਵਾਂ ’ਤੇ ਰੋਸ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਿੱਖਾਂ ਨਾਲ ਦੂਜੇ ਦਰਜੇ ਦੇ ਸ਼ਹਿਰੀਆਂ ਵਰਗਾ ਸਲੂਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
