ਚਿੱਟੀਸਿੰਘਪੁਰਾ ’ਚ ਮਾਰੇ ਗਏ 35 ਸਿੱਖਾਂ ਦੇ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ’ਚ: ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਕਸ਼ਮੀਰ ਵਾਦੀ ਦੇ ਅਨੰਤਨਾਗ ਜ਼ਿਲ੍ਹੇ ਦੇ ਪਿੰਡ ਚਿੱਟੀਸਿੰਘਪੁਰਾ ਵਿੱਚ ਮਾਰੇ ਗਏ 35 ਸਿੱਖਾਂ ਦੇ ਪਰਿਵਾਰਾਂ ਨੂੰ ਅੱਜ ਤੱਕ ਇਨਸਾਫ ਨਹੀਂ ਮਿਲਿਆ ਹੈ ਅਤੇ ਉਹ ਅੱਜ ਵੀ ਇਨਸਾਫ ਦੀ ਉਡੀਕ ਕਰ ਰਹੇ ਹਨ। ਉਹ ਕਸ਼ਮੀਰ ਦੌਰੇ ਦੌਰਾਨ ਪਿੰਡ ਚਿੱਟੀ ਸਿੰਘਪੁਰਾ ਵਿਖੇ ਵੀ ਗਏ ਹਨ ਅਤੇ ਉੱਥੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਇਸ ਪਿੰਡ ਵਿੱਚ 20 ਮਾਰਚ, 2000 ਨੂੰ ਕਤਲ ਕੀਤੇ ਗਏ 35 ਨਿਰਦੋਸ਼ ਸਿੱਖਾਂ ਦੀ ਸੰਗਤ ਵੱਲੋਂ ਬਣਾਈ ਗਈ ਯਾਦਗਾਰ ਤੇ ਤਸਵੀਰਾਂ ਵੀ ਦੇਖੀਆਂ ਅਤੇ ਉਹ ਕੰਧ ਵੀ ਦੇਖੀ ਜਿਸ ਨਾਲ ਖੜ੍ਹੇ ਕਰਕੇ ਕਿ ਇਨ੍ਹਾਂ ਸਿੱਖਾਂ ਨੂੰ ਗੋਲੀਆਂ ਦਾ ਸ਼ਿਕਾਰ ਬਣਾਇਆ ਗਿਆ ਸੀ। ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਦੁਖਦਾਈ ਹਾਦਸੇ ਨੇ ਨਾ ਸਿਰਫ਼ ਕਸ਼ਮੀਰ ਦੇ ਸਿੱਖਾਂ ਨੂੰ, ਸਗੋਂ ਪੂਰੀ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦ ਕੀਤੇ ਗਏ ਸਿੱਖਾਂ ਦੇ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ ਅਤੇ ਇਸ ਘਟਨਾ ਦਾ ਸੱਚ ਅੱਜ ਤੱਕ ਸਾਹਮਣੇ ਨਹੀਂ ਆਇਆ ਹੈ, ਜੋ ਕਿ ਸਰਕਾਰ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਖ ਦੀ ਗੱਲ ਹੈ ਕਿ ਅੱਜ ਤੱਕ ਇਸ ਕਤਲੇਆਮ ਦੇ ਦੋਸ਼ੀ ਬੇਨਕਾਬ ਨਹੀਂ ਕੀਤੇ ਗਏ ਅਤੇ ਨਾ ਹੀ ਸਜ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਗੋਲੀਆਂ ਦੇ ਨਿਸ਼ਾਨ ਅੱਜ ਵੀ ਗਵਾਹੀ ਦੇ ਰਹੇ ਹਨ ਕਿ ਸਿੱਖ ਕੌਮ ਘੱਟ ਗਿਣਤੀ ਵਿੱਚ ਹੋਣ ਕਰਕੇ ਹੀ ਇਸ ਨੂੰ ਵਾਰ-ਵਾਰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਸਿੱਖਾਂ ਨੇ ਇੰਨਾ ਤਸ਼ੱਦਦ ਝੱਲਣ ਦੇ ਬਾਵਜੂਦ ਆਪਣੀ ਜ਼ਮੀਨ ਨਹੀਂ ਛੱਡੀ ਅਤੇ ਅੱਜ ਵੀ ਸਿੱਖ ਇਸ ਧਰਤੀ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਓਟ ਆਸਰੇ ਨਾਲ ਚੜ੍ਹਦੀ ਕਲਾ ਨਾਲ ਰਹਿ ਰਹੇ ਹਨ, ਲੇਕਿਨ ਸਰਕਾਰ ਇਨ੍ਹਾਂ ਦੇ ਹੱਕ-ਹਕੂਕ ਦੱਬ ਰਹੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਚਿੱਟੀਸਿੰਘਪੁਰਾ ਦੀ ਘਟਨਾ ਇਹ ਸਿੱਖਿਆ ਦਿੰਦੀ ਹੈ ਕਿ ਜੇ ਸਿੱਖ ਕੌਮ ਇੱਕਜੁੱਟ ਹੋਵੇ ਤਾਂ ਕਿਸੇ ਵੀ ਚੁਣੌਤੀ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ। ਇਸ ਦੌਰਾਨ ਪਿੰਡ ਦੀ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਜਥੇਦਾਰ ਨੇ ਗੁਰਬਾਣੀ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਵਿਸ਼ੇਸ਼ ਤੌਰ ’ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦਾ ਦੁੱਖ-ਦਰਦ ਸਾਂਝਾ ਕੀਤਾ। ਜਥੇਦਾਰ ਗੜਗੱਜ ਨੇ ਸ਼ਹੀਦਾਂ ਦੀ ਯਾਦ ਸੰਭਾਲਣ ਲਈ ਪਿੰਡ ਵਾਸੀ ਸਰਕਾਰੀ ਅਧਿਆਪਕ ਗਿਆਨੀ ਰਜਿੰਦਰ ਸਿੰਘ ਅਤੇ ਨੌਜਵਾਨ ਸਭਾ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

1 thought on “ਚਿੱਟੀਸਿੰਘਪੁਰਾ ’ਚ ਮਾਰੇ ਗਏ 35 ਸਿੱਖਾਂ ਦੇ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ’ਚ: ਜਥੇਦਾਰ ਗੜਗੱਜ”

  1. Pingback: ปั้มวิวไลฟ์สด facebook

Comments are closed.

Scroll to Top