ਸਪੈਸ਼ਲ ਕਾਡਰ ਅਧਿਆਪਕ ਫਰੰਟ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਕੂਚ ਕਰ ਰਹੇ ਅਧਿਆਪਕਾਂ ’ਤੇ ਚੰਡੀਗੜ੍ਹ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਪੁਲੀਸ ਨੇ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਬੈਰੀਕੇਡ ਅਤੇ ਕੰਡਿਆਲੀ ਤਾਰ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਅਧਿਆਪਕਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣਾ ਚਾਹਿਆ ਤਾਂ ਪੁਲੀਸ ਨੇ ਜਲ ਤੋਪਾਂ (ਵਾਟਰ ਕੈਨਨ) ਦੀ ਵਰਤੋਂ ਕੀਤੀ। ਇਸ ਕਾਰਵਾਈ ਦੌਰਾਨ ਕਈ ਅਧਿਆਪਕਾਂ ਦੀਆਂ ਦਸਤਾਰਾਂ ਲੱਥ ਗਈਆਂ ਅਤੇ ਕੁਝ ਅਧਿਆਪਕ ਜ਼ਖ਼ਮੀ ਵੀ ਹੋਏ। ਇਸ ਤੋਂ ਪਹਿਲਾਂ ਅਧਿਆਪਕਾਂ ਨੇ ਮੁਹਾਲੀ ਦੇ ਫੇਜ਼-8 ਸਥਿਤ ਵਿੱਦਿਆ ਭਵਨ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ, ਜਦੋਂ ਮੁਹਾਲੀ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਦੀ ਪੇਅ ਸਕੇਲ ਅਤੇ ਸੀ ਐੱਸ ਆਰ (ਸਿਵਲ ਸਰਵਿਸਿਜ਼ ਰੂਲਜ਼) ਲਾਗੂ ਕਰਨ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ ਤਾਂ ਅਧਿਆਪਕਾਂ ਨੇ ਮੁੱਖ ਮੰਤਰੀ ਨਿਵਾਸ ਵੱਲ ਕੂਚ ਕਰ ਦਿੱਤਾ। ਫਰੰਟ ਦੇ ਆਗੂਆਂ ਨੇ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮੁਹਾਲੀ ਧਰਨੇ ’ਚ ਆ ਕੇ 12,700 ਅਧਿਆਪਕਾਂ ਨੂੰ ਪੂਰੀ ਤਨਖ਼ਾਹ ’ਤੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ ਅਤੇ ਸਿਰਫ਼ ਦੁੱਗਣੀ ਤਨਖ਼ਾਹ ਕਰ ਕੇ ਹੀ ਰੈਗੂਲਰ ਕਰਨ ਦਾ ਝੂਠਾ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਚਾਰ ਸਾਲ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਦੇਣ ਸਮੇਤ ਸੀ ਐੱਸ ਆਰ ਰੂਲ ਲਾਗੂ ਕੀਤੇ ਜਾਣ। ਮੁਹਾਲੀ ਪ੍ਰਸ਼ਾਸਨ ਵੱਲੋਂ ਅਧਿਆਪਕ ਆਗੂਆਂ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਅਧਿਆਪਕਾਂ ਨੇ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ। ਅਧਿਆਪਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਉਹ ਦੁਬਾਰਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।
