ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਸਬੰਧੀ ਜਲਦ ਬਣਾਈ ਜਾਵੇਗੀ ਕਮੇਟੀ: ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਦੀ ਨਿਯੁਕਤੀ, ਯੋਗਤਾ, ਜ਼ਿੰਮੇਵਾਰੀਆਂ ਅਤੇ ਸੇਵਾਮੁਕਤੀ ਦੇ ਸਬੰਧ ਵਿਚ ਪੁੱਜੇ ਸੁਝਾਵਾਂ ਨੂੰ ਵਿਚਾਰਨ ਲਈ ਜਲਦੀ ਹੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿਚ ਪਾਸ ਕੀਤੇ ਗਏ ਮਤੇ ਦੀ ਰੋਸ਼ਨੀ ਵਿਚ ਸਿੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ, ਬੁੱਧੀਜੀਵੀਆਂ ਅਤੇ ਸਿੱਖ ਸੰਸਥਾਵਾਂ ਕੋਲੋਂ 20 ਮਈ ਤੀਕ ਸੁਝਾਵਾਂ ਦੀ ਮੰਗ ਕੀਤੀ ਗਈ ਸੀ। ਇਸ ਤਹਿਤ ਵੱਡੀ ਗਿਣਤੀ ਵਿੱਚ ਸੁਝਾਅ ਸ਼੍ਰੋਮਣੀ ਕਮੇਟੀ ਕੋਲ ਪੁੱਜੇ ਹਨ। ਸ੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਕਮੇਟੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ, ਸਿੱਖ ਸੰਸਥਾਵਾਂ ਦੇ ਆਗੂ ਅਤੇ ਸਿੱਖ ਬੁਧੀਜੀਵੀ ਸ਼ਾਮਲ ਕੀਤੇ ਜਾਣਗੇ। ਧਾਮੀ ਨੇ ਦੱਸਿਆ ਕਿ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪੁਲੀਸ ਹਿਰਾਸਤ ਵਿੱਚ ਤਸ਼ੱਦਦ ਅਤੇ ਸ਼ਹੀਦ ਕਰਨ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਸਜ਼ਾਵਾਂ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਦੇ ਪਰਿਵਾਰ ਦੇ ਸਹਿਯੋਗ ਨਾਲ ਪਰਚਾ ਦਰਜ ਕਰਨ ਲਈ 14 ਜਨਵਰੀ 2024 ਨੂੰ ਅਰਜੀ ਦਿੱਤੀ ਗਈ ਸੀ, ਜਦਕਿ ਪੰਜਾਬ ਸਰਕਾਰ ਦੀ ਸਿੱਖ ਵਿਰੋਧੀ ਮਨਸ਼ਾ ਤਹਿਤ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ। ਹੁਣ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਪੁੱਤਰ ਹਰੀ ਸਿੰਘ ਰਾਹੀਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ’ਤੇ ਅਦਾਲਤ ਵੱਲੋਂ ਸਰਕਾਰ ਅਤੇ ਜਗਰਾਉਂ ਥਾਣੇ ਦੇ ਸਬੰਧਤ ਐੱਸਐੱਚਓ ਨੂੰ ਨੋਟਿਸ ਜਾਰੀ ਕਰਦਿਆਂ ਇਸ ਦੀ ਅਗਲੀ ਸੁਣਵਾਈ 28 ਜੁਲਾਈ ਰੱਖੀ ਹੈ।

Scroll to Top