ਜਥੇਦਾਰ ਕਾਉਂਕੇ ਦੇ ਕਾਤਲਾਂ ਨੂੰ ਸਜ਼ਾ ਦਿੱਤੀ ਜਾਵੇ: ਗੜਗੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਅੱਜ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੇ ਭੋਗ ਪਾ ਕੇ ਮਨਾਈ ਗਈ ਹੈ। ਇਸ ਮੌਕੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ੋਮਣੀ ਕਮੇਟੀ ਮੈਂਬਰ ਤੇ ਅਧਿਕਾਰੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਇਸ ਮੌਕੇ ਜਥੇਦਾਰ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਤ ਕੀਤਾ ਗਿਆ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਜਦੋਂ ਦੇਸ਼ ਵਿੱਚ ਲੋਕਤੰਤਰ ਪ੍ਰਣਾਲੀ ਹੈ ਅਤੇ ਨਿਆਂ-ਕਾਨੂੰਨ ਸਾਰਿਆਂ ਲਈ ਇੱਕੋ ਜਿਹਾ ਹੈ ਤਾਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਨੂੰ ਵੀ ਸਜ਼ਾ ਦਿੱਤੀ ਜਾਵੇ। ਜਥੇਦਾਰ ਕਾਉਂਕੇ ਨੂੰ ਦਸੰਬਰ 1992 ਵਿੱਚ ਉਨ੍ਹਾਂ ਤੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਵੱਲੋਂ ਤਸ਼ੱਦਦ ਕਰਦਿਆਂ 1 ਜਨਵਰੀ 1993 ਨੂੰ ਸ਼ਹੀਦ ਕਰ ਦਿੱਤਾ ਗਿਆ ਸੀ, ਜਿਸ ਦਾ ਖੁਲਾਸਾ ਕੁਝ ਸਾਲ ਪਹਿਲਾਂ ਹੋਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਲਾਪਤਾ ਕਰਾਰ ਦਿੱਤਾ ਗਿਆ ਸੀ। ਇਸ ਮੌਕੇ ਉਨ੍ਹਾਂ ਜਥੇਦਾਰ ਕਾਉਂਕੇ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਕਾਉਂਕੇ ਪੰਥਪ੍ਰਸਤ ਅਤੇ ਸਿੱਖੀ ਨੂੰ ਸਮਰਪਤ ਗੁਰਸਿੱਖ ਸਨ, ਜਿਨ੍ਹਾਂ ਦੀ ਕੁਰਬਾਨੀ ਨੂੰ ਕੌਮ ਹਮੇਸ਼ਾ ਸਤਿਕਾਰ ਦਿੰਦੀ ਰਹੇਗੀ। ਉਸ ਵੇਲੇ ਦੀ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜਿਥੇ ਸਿੱਖ ਨੌਜਵਾਨਾਂ ਨੂੰ ਕੋਹ-ਕੋਹ ਕੇ ਸ਼ਹੀਦ ਕੀਤਾ, ਉਥੇ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ’ਤੇ ਵੀ ਤਸ਼ੱਦਤ ਢਾਹ ਕੇ ਸ਼ਹੀਦ ਕੀਤਾ ਗਿਆ। ਸਰਕਾਰ ਨੇ ਜਥੇਦਾਰ ਕਾਉਂਕੇ ਦੇ ਹਿਰਾਸਤ ਵਿਚ ਨਾ ਹੋਣ ਦੀ ਝੂਠੀ ਕਹਾਣੀ ਬਣਾਈ, ਪ੍ਰੰਤੂ ਸਮੇਂ ਦੇ ਚਸ਼ਮਦੀਦਾਂ ਨੇ ਸੱਚ ਨੂੰ ਸਾਹਮਣੇ ਲਿਆਂਦਾ। ਭਾਈ ਕਾਉਂਕੇ ਨੂੰ ਸ਼ਹੀਦ ਕਰਨ ਵਾਲਿਆਂ ਨੂੰ ਹਾਲੇ ਤੱਕ ਸਜ਼ਾ ਨਹੀਂ ਮਿਲੀ, ਜੋ ਬੇਇਨਸਾਫੀ ਤੇ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਹੁਣ ਜਦੋਂ ਦੇਸ਼ ਵਿੱਚ ਲੋਕਤੰਤਰੀ ਸਿਸਟਮ ਹੈ ਤੇ ਨਿਆਂ -ਕਾਨੂੰਨ ਸਾਰਿਆਂ ਲਈ ਇੱਕੋ ਜਿਹਾ ਹੈ ਤਾਂ ਇਹ ਲਾਜ਼ਮੀ ਹੈ ਕਿ ਜਥੇਦਾਰ ਕਾਉਂਕੇ ਦੇ ਕਾਤਲਾਂ ਨੂੰ ਵੀ ਸਜ਼ਾ ਦਿੱਤੀ ਜਾਵੇ। ਅੱਜ ਜਦੋਂ ਦੁਨੀਆ ਅੰਦਰ ਲੋਕ ਨਵਾਂ ਸਾਲ ਨੂੰ ਮਨਾ ਰਹੇ ਹਨ ਤਾਂ ਸਿੱਖ ਕੌਮ ਆਪਣੇ ਸ਼ਹੀਦ ਭਾਈ ਗੁਰਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਮਨਾ ਰਹੀ ਹੈ, ਜੋ ਸਾਡਾ ਸਰਮਾਇਆ ਹਨ। ਸਮਾਗਮ ਦੌਰਾਨ ਭਾਈ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ, ਜਸਪਾਲ ਸਿੰਘ ਢੱਡੇ ਸਮੇਤ ਹੋਰ ਹਾਜ਼ਰ ਸਨ।

Scroll to Top