ਜਲੰਧਰ ਦੇ ਮਾਹਲਾਂ ਪਿੰਡ ’ਚ ਬੇਅਦਬੀ: ਅਕਾਲ ਤਖ਼ਤ ਵੱਲੋਂ ਜਾਂਚ ਦੇ ਆਦੇਸ਼

ਜਲੰਧਰ ਜ਼ਿਲ੍ਹੇ ਦੇ ਮਾਹਲਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਦੀ ਸਖਤ ਨਿੰਦਾ ਕੀਤੀ ਹੈ। ਜਥੇਦਾਰ ਗੜਗੱਜ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜਾਗਤ ਜੋਤ ਗੁਰੂ ਹਨ, ਜਿਨ੍ਹਾਂ ਕਰਕੇ ਸਾਡੀ ਹੋਂਦ ਹੈ, ਇਸ ਲਈ ਗੁਰੂ ਸਾਹਿਬ ਦੇ ਮਾਣ ਸਤਿਕਾਰ ਨਾਲ ਸਾਨੂੰ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਪਹਿਰੇਦਾਰੀ, ਗੁਰੂ ਘਰ ਦੇ ਪ੍ਰਬੰਧ ਪੁਖਤਾ ਅਤੇ ਸੁਰੱਖਿਅਤ ਬਣਾਉਣ ਵਿੱਚ ਸਾਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ਉੱਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਅਜੇ ਵੀ ਢਿਲਾਈ ਵਰਤੀ ਜਾ ਰਹੀ ਹੈ, ਜੋ ਦਰਸਾਉਂਦਾ ਹੈ ਕਿ ਪ੍ਰਬੰਧਕਾਂ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲੋਂ ਵਧੇਰੇ ਜ਼ਰੂਰੀ ਆਪਣੀ ਚੌਧਰ ਹੈ। ਉਨ੍ਹਾਂ ਸਿੱਖ ਸੰਗਤ ਨੂੰ ਤਾਕੀਦ ਕੀਤੀ ਕਿ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਵਿਖੇ ਹਰ ਸਮੇਂ ਪਹਿਰੇਦਾਰੀ ਤੇ ਚੱਲਦੀ ਹਾਲਤ ਵਿੱਚ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਉਣ। ਮੁੱਢਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸੰਧਿਆ ਵੇਲੇ ਸ਼ਰਾਰਤੀ ਅਨਸਰਾਂ ਵੱਲੋਂ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਬੱਚੇ ਵੱਲੋਂ ਗੁਰੂ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਵਾ ਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ ਹੈ, ਜਿਸ ਨਾਲ ਸੰਗਤਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਅਤੇ ਇਲਾਕੇ ਦੇ ਮੈਂਬਰਾਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਸਮੁੱਚੀ ਘਟਨਾ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਆਖਿਆ ਹੈ। ਜਥੇਦਾਰ ਗੜਗੱਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਤਖ਼ਤ ਸਾਹਿਬ ਤੋਂ ਇੱਕ ਟੀਮ ਅੱਜ ਹੀ ਲੈ ਕੇ ਘਟਨਾ ਸਥਾਨ ਉੱਤੇ ਪਹੁੰਚਣ ਅਤੇ ਗੁਰਦੁਆਰਾ ਸਾਹਿਬ ਦੇ ਸਮੁੱਚੇ ਪ੍ਰਬੰਧਾਂ ਅਤੇ ਬੇਅਦਬੀ ਸਬੰਧੀ ਰਿਪੋਰਟ ਭੇਜਣ। ਉਨ੍ਹਾਂ ਕਿਹਾ ਕਿ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੀ ਘਟਨਾ ਵਾਲੀ ਥਾਂ ਉੱਤੇ ਪਹੁੰਚ ਕੇ ਸਮੁੱਚਾ ਜਾਇਜ਼ਾ ਲੈਣਗੇ। ਜਥੇਦਾਰ ਗੜਗੱਜ ਨੇ ਪੰਜਾਬ ਸਰਕਾਰ ਨੂੰ ਇਹ ਬੇਅਦਬੀ ਕਰਵਾਉਣ ਵਾਲੇ ਸਾਜ਼ਿਸ਼ਘਾੜਿਆਂ ਅਤੇ ਮੁੱਖ ਦੋਸ਼ੀਆਂ ਦੀ ਪਛਾਣ ਜਲਦ ਹੀ ਨਸ਼ਰ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਵੀ ਮਿਲੀ ਹੈ ਕਿ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪ੍ਰਬੰਧ ਪੁਖਤਾ ਨਹੀਂ ਹਨ ਅਤੇ ਜੇਕਰ ਅਜਿਹਾ ਪਾਇਆ ਜਾਂਦਾ ਹੈ ਤਾਂ ਇਸ ਮਾਮਲੇ ਵਿੱਚ ਪ੍ਰਬੰਧਕਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

2 thoughts on “ਜਲੰਧਰ ਦੇ ਮਾਹਲਾਂ ਪਿੰਡ ’ਚ ਬੇਅਦਬੀ: ਅਕਾਲ ਤਖ਼ਤ ਵੱਲੋਂ ਜਾਂਚ ਦੇ ਆਦੇਸ਼”

  1. Pingback: Vulkanpiele Polska

  2. Pingback: 10 คาสิโนออนไลน์เว็บตรงมาแรง ทำเงินง่าย

Comments are closed.

Scroll to Top