ਜ਼ਹਿਰੀਲੀ ਸ਼ਰਾਬ: ਵਿਰੋਧੀ ਪਾਰਟੀਆਂ ਨੇ ‘ਆਪ’ ਘੇਰੀ

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਜੀਠਾ ਸ਼ਰਾਬ ਕਾਂਡ ਦੇ ਮਾਮਲੇ ’ਚ ‘ਆਪ’ ਦੀ ਹਾਈਕਮਾਨ ’ਤੇ ਨਿਸ਼ਾਨੇ ਸੇਧੇ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਘੁਟਾਲੇ ’ਚ ਜੇਲ੍ਹਾਂ ਕੱਟਣ ਵਾਲੇ ਹੁਣ ਚੰਡੀਗੜ੍ਹ ’ਚ ਬੈਠ ਕੇ ਸਰਕਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ’ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਜਾਂਚ ਦੀ ਮੰਗ ਕਰਨਗੇ। ਜਾਖੜ ਨੇ ਕਿਹਾ ਕਿ ਦਿੱਲੀ ਵਾਲਾ ਸ਼ਰਾਬ ਮਾਫ਼ੀਆ ਹੁਣ ਪੰਜਾਬ ’ਚ ਸਰਗਰਮ ਹੈ ਅਤੇ ਸ਼ਰਾਬ ਦੇ ਕਾਰੋਬਾਰੀਆਂ ਨੂੰ ਸਿਆਸੀ ਪੁਸ਼ਤਪਨਾਹੀ ਹੈ। ਸੰਗਰੂਰ ਦੇ ਸ਼ਰਾਬ ਕਾਂਡ ਤੋਂ ਵੀ ‘ਆਪ’ ਸਰਕਾਰ ਨੇ ਸਬਕ ਨਹੀਂ ਸਿੱਖਿਆ। ਉਨ੍ਹਾਂ ਕਿਹਾ ਕਿ ਦਿੱਲੀ ਦੀ ‘ਆਪ’ ਲੀਡਰਸ਼ਿਪ ਹੁਣ ਪੰਜਾਬ ਦੀ ਆਰਥਿਕ ਲੁੱਟ ਕਰਨ ਲਈ ਇੱਥੇ ਪੁੱਜੀ ਹੈ। ਇਹ ਆਗੂ ਕਿਸ ਹੈਸੀਅਤ ਵਿੱਚ ਪੰਜਾਬ ’ਚ ਸਰਕਾਰੀ ਮੀਟਿੰਗਾਂ ਕਰ ਰਹੇ ਹਨ। ਰਾਜਪਾਲ ਤੋਂ ਮਜੀਠਾ ਸ਼ਰਾਬ ਕਾਂਡ ਵਿੱਚ ਦਿੱਲੀ ਦੇ ਆਗੂਆਂ ਦੀ ਭੂਮਿਕਾ ਦੀ ਜਾਂਚ ਵੀ ਮੰਗੀ ਜਾਵੇਗੀ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਏ ਕਿ ਦਿੱਲੀ ਤੋਂ ਆਏ ਵੱਡੇ ਆਗੂ ਪੰਜਾਬ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚੋਂ ਪੈਸਾ ਕਮਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਮਾਫ਼ੀਆ ‘ਆਪ’ ਦੀ ਦਿੱਲੀ ਲੀਡਰਸ਼ਿਪ ਦੀ ਸ਼ਹਿ ’ਤੇ ਚੱਲ ਰਿਹਾ ਹੈ। ਬਿੱਟੂ ਨੇ ਕਿਹਾ ਕਿ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜਾਂ ਸਾਬਕਾ ਜੱਜ ਤੋਂ ਸਮਾਂਬੱਧ ਨਿਆਇਕ ਜਾਂਚ ਕਰਾਈ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਤ੍ਰਾਸਦੀ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਧਿਕਾਰੀਆਂ ਦੀ ਸਰਪਰਸਤੀ ਬਿਨਾਂ ਅਜਿਹਾ ਸੰਭਵ ਨਹੀਂ ਹੈ। ਵੜਿੰਗ ਨੇ ਮੁੱਖ ਮੰਤਰੀ ਨੂੰ ਯਾਦ ਦਿਵਾਇਆ ਕਿ 2020 ਵਿੱਚ ਜਦੋਂ ਤਰਨ ਤਾਰਨ ਵਿੱਚ ਇਸੇ ਤਰ੍ਹਾਂ ਦੀ ਸ਼ਰਾਬ ਦੀ ਘਟਨਾ ਵਾਪਰੀ ਸੀ, ਤਾਂ ਉਨ੍ਹਾਂ (ਮਾਨ) ਨੇ ਆਬਕਾਰੀ ਮੰਤਰੀ ਤੋਂ ਅਸਤੀਫ਼ਾ ਦੇਣ ਅਤੇ ਉਨ੍ਹਾਂ ਵਿਰੁੱਧ ਕਤਲ ਦੇ ਦੋਸ਼ ਦਰਜ ਕਰਨ ਦੀ ਮੰਗ ਕੀਤੀ ਸੀ। ਵੜਿੰਗ ਨੇ ਕਿਹਾ ਕਿ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

1 thought on “ਜ਼ਹਿਰੀਲੀ ਸ਼ਰਾਬ: ਵਿਰੋਧੀ ਪਾਰਟੀਆਂ ਨੇ ‘ਆਪ’ ਘੇਰੀ”

  1. Pingback: contrato informática

Comments are closed.

Scroll to Top