ਝੀਂਡਾ ਵੱਲੋਂ ਦਾਦੂਵਾਲ ਖ਼ਿਲਾਫ਼ ਅਕਾਲ ਤਖ਼ਤ ਨੂੰ ਸ਼ਿਕਾਇਤ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂ ਪੱਤਰ ਸੌਂਪ ਕੇ ਬਾਬਾ ਬਲਜੀਤ ਸਿੰਘ ਦਾਦੂਵਾਲ ਦੇ ਖ਼ਿਲਾਫ਼ ਸ਼ਿਕਾਇਤ ਕੀਤੀ ਹੈ। ਇਸ ਸਬੰਧ ਵਿੱਚ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਝੀਂਡਾ ਨੇ ਦੱਸਿਆ ਕਿ ਉਨ੍ਹਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਤੀ ਲਈ ਲੰਮਾ ਸੰਘਰਸ਼ ਕੀਤਾ ਹੈ। ਪੰਜਾਬ ਪੁਨਰਗਠਨ ਐਕਟ 1966 ਦੇ ਤਹਿਤ ਸੁਪਰੀਮ ਕੋਰਟ ਵੱਲੋਂ ਹਰਿਆਣਾ ਕਮੇਟੀ ਦੀ ਸਥਾਪਤੀ ਲਈ ਸਹਿਮਤੀ ਦਿੱਤੀ ਗਈ ਸੀ। ਹਰਿਆਣਾ ਵਿੱਚ ਵੱਖਰੀ ਕਮੇਟੀ ਦੀ ਸਥਾਪਤੀ ਤੋਂ ਬਾਅਦ ਵੀ ਕਲੇਸ਼ ਜਾਰੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਦਾਦੂਵਾਲ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਉਨ੍ਹਾਂ ਖ਼ਿਲਾਫ਼ ਗੰਭੀਰ ਦੋਸ਼ ਵੀ ਲਾਏ ਹਨ। ਅਕਾਲ ਤਖ਼ਤ ਵਿਖੇ ਸ਼ਿਕਾਇਤ ਪੱਤਰ ਦੇ ਕੇ ਇਨ੍ਹਾਂ ਦੋਸ਼ਾਂ ਦੀ ਜਾਂਚ ਅਤੇ ਕਾਰਵਾਈ ਦੀ ਮੰਗ ਕੀਤੀ। ਅਕਾਲ ਤਖ਼ਤ ਦੇ ਸਕੱਤਰੇਤ ਦੇ ਅਧਿਕਾਰੀ ਨੇ ਦੱਸਿਆ ਕਿ ਸ੍ਰੀ ਝੀਂਡਾ ਵੱਲੋਂ ਦਿੱਤਾ ਪੱਤਰ ਪ੍ਰਾਪਤ ਕੀਤਾ ਹੈ ਅਤੇ ਇਸ ਨੂੰ ਵਾਚਿਆ ਜਾਵੇਗਾ।

Scroll to Top