ਅੰਮ੍ਰਿਤਸਰ ਵਿਚ ਗਣਤੰਤਰ ਦਿਵਸ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖਿਲਾਫ਼ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਚੌਂਕ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ ਦੇ ਕੇ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਜਾਮ ਕੀਤਾ ਗਿਆ। ਇਸ ਮੌਕੇ ਮੁਜ਼ਾਹਰਾਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ ਐਸਡੀਐਮ ਪਾਤੜਾਂ ਨੂੰ ਮੰਗ ਪੱਤਰ ਸੌਂਪਿਆ। ਡਾ. ਅੰਬੇਡਕਰ ਕਿਰਤੀ ਮਜ਼ਦੂਰ ਸੰਘ ਪੰਜਾਬ ਦੇ ਪ੍ਰਧਾਨ ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਸੋਚ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਕੁਝ ਲੋਕਾਂ ਵੱਲੋਂ ਬਾਬਾ ਸਾਹਿਬ ਖਿਲਾਫ਼ ਵੱਖ-ਵੱਖ ਤਰ੍ਹਾਂ ਦੇ ਬਿਆਨ ਕੀਤੇ ਜਾ ਰਹੇ ਹਨ, ਪਰ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਦਲਿਤ ਵਰਗ ਨੂੰ ਵੰਡਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਬਾਬਾ ਸਾਹਿਬ ਸਾਰੇ ਵਰਗਾਂ ਲਈ ਹੀ ਇੱਕੋ ਜਿਹੇ ਹਨ ਤੇ ਉਨ੍ਹਾਂ ਖ਼ਿਲਾਫ਼ ਅਜਿਹੀਆਂ ਗਤੀਵਿਧੀਆਂ ਕਰਨ ਵਾਲਿਆਂ ਵਿਰੁਧ ਡਟ ਕੇ ਖੜ੍ਹਨ ਦਾ ਫ਼ੈਸਲਾ ਮੰਚ ਤੋਂ ਲਿਆ ਗਿਆ ਹੈ।