ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫ਼ਾਰਗ ਕਰਨ ਦੇ ਫ਼ੈਸਲੇ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਲਾਂਭੇ ਹੋ ਗਏ ਹਨ। ਇਸ ਨਾਲ ਪਿਛਲੇ ਸਾਲ ਦੋ ਦਸੰਬਰ ਤੋਂ ਬਾਅਦ ਬਦਲ ਰਹੇ ਹਾਲਾਤ ਦਰਮਿਆਨ ਪੰਥਕ ਸੰਕਟ ਹੋਰ ਵੀ ਡੂੰਘਾ ਹੋ ਗਿਆ ਹੈ। ਅਚਨਚੇਤੀ ਸੱਦੇ ਪੱਤਰਕਾਰ ਸੰਮੇਲਨ ਦੌਰਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਅਤੇ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਭਾਵੇਂ ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਨਾਂਹ ਕੀਤੀ ਸੀ ਪਰ ਫਿਰ ਵੀ ਅਸਤੀਫ਼ਾ ਦੇਣ ਦੇ ਕਾਰਨ ਸਪੱਸ਼ਟ ਕਰਦਿਆਂ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਰਨ ਉਹ ਨੈਤਿਕ ਆਧਾਰ ’ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਬਹੁਸੰਮਤੀ ਨਾਲ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਪਰ ਇਸ ਦੇ ਬਾਵਜੂਦ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਨੂੰ ਮੰਦਭਾਗਾ ਤੇ ਦੁਖਦਾਈ ਦੱਸਿਆ ਗਿਆ ਸੀ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਦੇ ਕੇ ਆਪਣੇ ਫ਼ੈਸਲੇ ਤੋਂ ਜਾਣੂ ਕਰਵਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਗਿਆ ਅਸਤੀਫ਼ਾ ਧਾਮੀ ਨੇ ਅੰਤ੍ਰਿੰਗ ਕਮੇਟੀ ਨੂੰ ਭੇਜਿਆ ਹੈ ਜਦੋਂ ਕਿ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਗਿਆ ਅਸਤੀਫ਼ਾ ਉਨ੍ਹਾਂ ਅਕਾਲ ਤਖ਼ਤ ਦੇ ਸਕੱਤਰੇਤ ਨੂੰ ਸੌਂਪਿਆ ਹੈ। ਅਸਤੀਫ਼ਾ ਦੇਣ ਦਾ ਐਲਾਨ ਕਰਨ ਮਗਰੋਂ ਐਡਵੋਕੇਟ ਧਾਮੀ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਾਅਦ ਵਿੱਚ ਅਕਾਲ ਤਖ਼ਤ ਦੇ ਸਕੱਤਰੇਤ ’ਚ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਵਾਪਸ ਆਉਣ ਮਗਰੋਂ ਉਨ੍ਹਾਂ ਸਕੱਤਰ ਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਕੁਝ ਸਮਾਂ ਬੰਦ ਕਮਰਾ ਮੀਟਿੰਗ ਵੀ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੋ ਦਸੰਬਰ ਨੂੰ ਅਕਾਲ ਤਖ਼ਤ ਤੋਂ ਸ਼੍ਰੋਮਣੀ ਅਕਾਲੀ ਦਲ ਆਗੂ ਸੁਖਬੀਰ ਸਿੰਘ ਬਾਦਲ ਅਤੇ ਹੋਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਮਗਰੋਂ ਪੰਥਕ ਹਾਲਾਤ ਲਗਾਤਾਰ ਬਦਲ ਰਹੇ ਹਨ। ਇਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਤਖ਼ਤਾਂ ਦੇ ਜਥੇਦਾਰਾਂ ਵਿਚਾਲੇ ਪਾੜਾ ਵਧਿਆ ਹੈ। ਸ਼੍ਰੋਮਣੀ ਕਮੇਟੀ ਦੋਹਾਂ ਧਿਰਾਂ ਵਿਚਾਲੇ ਇੱਕ ਪੁਲ ਵਾਂਗ ਕੰਮ ਕਰ ਰਹੀ ਸੀ ਪਰ ਪੈਦਾ ਹੋਏ ਤਣਾਅ ਅਤੇ ਦਬਾਅ ਕਾਰਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
2 thoughts on “ਧਾਮੀ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ਾ”
Comments are closed.

Pingback: suzuran168
Pingback: k7family.kz