ਧਾਰਮਿਕ ਮਾਮਲੇ ’ਚ ਪੰਜਾਬ ਸਰਕਾਰ ਦਾ ਦਖ਼ਲ ਗੈਰ-ਜ਼ਰੂਰੀ: ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ ਬਣਾਉਣ ’ਤੇ ਕਿਹਾ ਕਿ ਸਰਕਾਰਾਂ ਵੱਲੋਂ ਧਰਮ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਦਖ਼ਲ ਦੇਣਾ ਨਾ ਸਿਰਫ਼ ਗੈਰ-ਜ਼ਰੂਰੀ ਹੈ, ਸਗੋਂ ਸਿੱਖ ਰਵਾਇਤਾਂ ਦੇ ਖ਼ਿਲਾਫ਼ ਅਤੇ ਅਕਾਲ ਤਖ਼ਤ ਨੂੰ ਵੀ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਲਾਹੇ ਲਈ ਚੁੱਕਣਾ ਕਿਸੇ ਵੀ ਤਰ੍ਹਾਂ ਕਬੂਲਯੋਗ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਇਸ ਮਾਮਲੇ ’ਤੇ ਪਹਿਲਾਂ ਹੀ ਅਕਾਲ ਤਖ਼ਤ ਵੱਲੋਂ ਜਾਂਚ ਕਮੇਟੀ ਕਾਇਮ ਕੀਤੀ ਗਈ ਸੀ ਜਿਸ ਨੇ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਪੜਤਾਲ ਕੀਤੀ। ਇਸ ਪੜਤਾਲ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਇੱਥੇ ਸ਼ਹੀਦੀ ਜੋੜ ਮੇਲ ਦੇ ਆਖ਼ਰੀ ਦਿਨ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਸਜਾਏ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰ ਕੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਵੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ੋਮਣੀ ਕਮੇਟੀ ਵੱਲੋਂ ਸਰਹੱਦੀ ਇਲਾਕੇ ਵਿੱਚ ਦਿਨੋ ਦਿਨ ਵਧ ਰਹੇ ਧਰਮ ਪਰਿਵਰਤਨ ਨੂੰ ਠੱਲ੍ਹ ਪਾਉਣ ਲਈ 300 ਦੇ ਕਰੀਬ ਨਵੇਂ ਪ੍ਰਚਾਰਕ ਭਰਤੀ ਕੀਤੇ ਗਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵੱਲੋਂ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਵੱਲੋਂ ਲੋਕ ਸਭਾ ਮੈਂਬਰਾਂ ਨੂੰ ਵੀਰ ਬਾਲ ਦਿਵਸ ਦਾ ਨਾਮ ਬਦਲਣ ਸਬੰਧੀ ਮੁੱਦਾ ਚੁੱਕਣ ਲਈ ਆਦੇਸ਼ ਜਾਰੀ ਕੀਤੇ ਗਏ ਸਨ ਨਾ ਕਿ ਅਪੀਲ ਕੀਤੀ ਗਈ। ਉਨ੍ਹਾਂ ਸ਼ਹੀਦੀ ਜੋੜ ਮੇਲ ਵਿੱਚ ਪੁੱਜੀ ਸੰਗਤ ਨੂੰ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਪ੍ਰੇਰਨਾ ਲੈ ਕੇ ਹੱਕ ਸੱਚ ਅਤੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।

Scroll to Top