ਨਗਰ ਕੀਰਤਨ ਰੋਕਣ ਦੀ ਘਟਨਾ ਨਿੰਦਣਯੋਗ: ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਵਿੱਚ ਕੁਝ ਸ਼ਰਾਰਤੀ ਲੋਕਾਂ ਵੱਲੋਂ ਸਿੱਖਾਂ ਦੇ ਨਗਰ ਕੀਰਤਨ ਨੂੰ ਰੋਕਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਲੰਬੇ ਸਮੇਂ ਤੋਂ ਵਿਦੇਸ਼ੀ ਮੁਲਕਾਂ ਵਿੱਚ ਵਸਦਾ ਆ ਰਿਹਾ ਹੈ ਅਤੇ ਉਹ ਉਥੇ ਦੇ ਕਾਨੂੰਨਾਂ ਦੀ ਪੂਰੀ ਪਾਲਣਾ ਕਰਦਿਆਂ ਬਣਦਾ ਟੈਕਸ ਵੀ ਅਦਾ ਕਰਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਧਰਮ ਜਾਂ ਨਸਲ ਦੇ ਆਧਾਰ ’ਤੇ ਕਿਸੇ ਵੀ ਭਾਈਚਾਰੇ ਨਾਲ ਵਿਤਕਰਾ ਕਰਨਾ ਮਨੁੱਖੀ ਅਧਿਕਾਰਾਂ ਦੇ ਖ਼ਿਲਾਫ ਹੈ ਅਤੇ ਅਜਿਹੇ ਸਮਾਜ ਵਿਰੋਧੀ ਲੋਕ ਸਮਾਜ ਵਿੱਚ ਨਫ਼ਰਤ ਅਤੇ ਹਿੰਸਾ ਫੈਲਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੰਬੰਧਤ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਜਿਹੇ ਲੋਕਾਂ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸਮਾਜਿਕ ਸਾਂਝ ਅਤੇ ਧਾਰਮਿਕ ਆਜ਼ਾਦੀ ਬਰਕਰਾਰ ਰਹੇ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਿਰਾਸਤੀ ਮਾਰਗ ਬਣਾਉਣ ਸੰਬੰਧੀ ਲਏ ਗਏ ਫੈਸਲੇ ’ਤੇ ਵੀ ਸਥਿਤੀ ਸਪੱਸ਼ਟ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਯੋਜਨਾ ਨੂੰ ਇਸ ਲਈ ਰੋਕਿਆ ਗਿਆ ਹੈ ਕਿਉਂਕਿ ਪ੍ਰਸਤਾਵਿਤ ਵਿਰਾਸਤੀ ਮਾਰਗ ਅਤੇ ਉਸ ਨਾਲ ਜੁੜੀ ਗੇਟ ਦੀ ਉਸਾਰੀ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਦਿੱਖ ਪ੍ਰਭਾਵਿਤ ਹੋਵੇਗੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਤਖ਼ਤ ਸਾਹਿਬ ਦੀ ਇਤਿਹਾਸਕ, ਧਾਰਮਿਕ ਅਤੇ ਆਰਕੀਟੈਕਚਰਲ ਪਛਾਣ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਕਬੂਲ ਨਹੀਂ ਕੀਤਾ ਜਾ ਸਕਦਾ ਅਤੇ ਇਸ ਲਈ ਅਜਿਹੀ ਕਿਸੇ ਵੀ ਯੋਜਨਾ ਨੂੰ ਕਦੇ ਵੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।

Scroll to Top