ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੌਜੂਦਾ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਿੱਖ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ 26 ਫਰਵਰੀ ਦੀ ਰਾਤ 11.30 ਵਜੇ ਤੋਂ ਬਾਅਦ ਨਗਾਰਿਆਂ ਦੀ ਚੋਟ ਨਾਲ ਆਰੰਭ ਹੋਵੇਗਾ। ਇਹ ਤਿਉਹਾਰ ਸਿੱਖੀ ਦੀ ਆਨ-ਸ਼ਾਨ ਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਚਾਵਲਾ ਨੇ ਕਿਹਾ ਕਿ ਹੋਲਾ ਮਹੱਲਾ ਦੀ ਪ੍ਰਥਾ ਸਾਹਿਬ-ਏ-ਕਮਾਲ ਸਾਹਿਬ ਗੁਰੂ ਗੋਬਿੰਦ ਸਿੰਘ ਨੇ ਖ਼ਾਲਸਾ ਪੰਥ ਅੰਦਰ ਚੜ੍ਹਦੀ ਕਲਾ, ਪੰਥਕ ਜਜ਼ਬੇ ਅਤੇ ਸ਼ਸਤਰਧਾਰੀ ਰੂਹ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਸੀ। ਇਹ ਤਿਉਹਾਰ ਸਿਰਫ ਧਾਰਮਿਕ ਸਮਾਗਮ ਨਹੀਂ, ਸਗੋਂ ਸਿੱਖ ਇਤਿਹਾਸ ਦੀ ਵਿਲੱਖਣ ਅਤੇ ਸੂਰਬੀਰਤਾ ਦਾ ਪ੍ਰਤੀਕ ਹੈ। 26, 27 ਫਰਵਰੀ ਅਤੇ 1 ਮਾਰਚ ਨੂੰ ਹੋਲਾ ਮਹੱਲਾ ਕੀਰਤਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ, ਜਦਕਿ 2, 3 ਅਤੇ 4 ਮਾਰਚ ਨੂੰ ਮੁੱਖ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। ਸਮਾਗਮਾਂ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਾਜ਼ਰ ਰਹਿਣਗੇ। ਇਸ ਤੋਂ ਪਹਿਲਾਂ ਭਾਈ ਚਾਵਲਾ ਨੇ ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਤਿਆਰੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਲੰਗਰ, ਸਾਫ਼ ਪੀਣਯੋਗ ਪਾਣੀ ਅਤੇ ਮੈਡੀਕਲ ਸਹਾਇਤਾ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਸਮਾਗਮ ਦੌਰਾਨ ਕਿਸੇ ਵੀ ਦੁਰਘਟਨਾ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਲਈ ਸੰਗਤਾਂ ਵਾਸਤੇ ਵਿਸ਼ੇਸ਼ ਬੀਮਾ ਪਾਲਿਸੀ ਵੀ ਕਰਵਾਈ ਗਈ ਹੈ। ਇਸ ਮੌਕੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ ਅਤੇ ਸੁਖਬੀਰ ਸਿੰਘ ਕਲਮਾ, ਬਾਬਾ ਕਾਲਾ ਸਿੰਘ ਜੀ ਭੂਰੀ ਵਾਲੇ ਅਤੇ ਸੁਖਵਿੰਦਰ ਸਿੰਘ ਗਲਾਲੀਪੁਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਹੋਲਾ ਮਹੱਲਾ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਪੁਲੀਸ ਵੱਲੋਂ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐੱਸ ਐੱਸ ਪੀ ਮਨਿੰਦਰ ਸਿੰਘ ਨੇ ਦੱਸਿਆ ਹੋਲਾ ਮਹੱਲਾ ਮੌਕੇਲਗਪਗ 4500 ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿੱਚ 4000 ਫੋਰਸ ਬਾਹਰਲੇ ਜ਼ਿਲ੍ਹਿਆਂ ਤੋਂ ਅਤੇ ਕਰੀਬ 500 ਜਵਾਨ ਸਥਾਨਕ ਤੌਰ ’ਤੇ ਸ਼ਾਮਲ ਹੋਣਗੇ। ਪੂਰੇ ਇਲਾਕੇ ਨੂੰ ਪਹਿਲਾਂ 11 ਸੈਕਟਰਾਂ ਵਿੱਚ ਵੰਡਿਆ ਗਿਆ ਸੀ ਪਰ ਹੁਣ ਇਹ ਗਿਣਤੀ ਵਧਾ ਕੇ 13 ਕਰ ਦਿੱਤੀ ਗਈ ਹੈ। ਹਰ ਸੈਕਟਰ ਵਿੱਚ ਡਿਊਟੀਆਂ ਸਪਸ਼ਟ ਤੌਰ ’ਤੇ ਵੰਡੀਆਂ ਗਈਆਂ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਤਖ਼ਤ ਕੇਸਗੜ੍ਹ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਮੱਥਾ ਟੇਕ ਸਕਣ। ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਵਾਧੂ ਸੀ ਸੀ ਟੀ ਵੀ ਕੈਮਰੇ ਲਗਾਏ ਜਾ ਰਹੇ ਹਨ। ਪਾਰਕਿੰਗ ਲਈ ਵਿਸ਼ੇਸ਼ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਟਰੈਕਟਰ-ਟਰਾਲੀਆਂ ਅਤੇ ਭਾਰੀ ਵਾਹਨਾਂ ਲਈ ਵੱਖਰੀ ਪਾਰਕਿੰਗ ਹੋਵੇਗੀ।
