ਨਾਮਜ਼ਦਗੀ ਪੱਤਰ ਰੱਦ ਕਰਨ ਵਿਰੁੱਧ ਅਦਾਲਤ ਜਾਵਾਂਗੇ: ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਿਗਮ ਚੋਣਾਂ ਦੌਰਾਨ ਲੰਘੇ ਦਿਨ ਭਾਜਪਾ ਉਮੀਦਵਾਰਾਂ ਦੇ ਜਬਰੀ ਨਾਮਜ਼ਦਗੀ ਪੱਤਰ ਰੱਦ ਕਰਨ ’ਤੇ ਸੂਬਾ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਜਬਰੀ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਫੈਸਲੇ ਵਿਰੁੱਧ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ। ਪੰਜਾਬ ਵਿੱਚ ‘ਆਪ’ ਵੱਲੋਂ ਨਿਗਮ ਚੋਣਾਂ ਲੁੱਟਣ ਦੀ ਕੋਸ਼ਿਸ਼ ਕਰਕੇ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ ਪਰ ‘ਆਪ’ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਸੂਬਾ ਸਰਕਾਰ ਦੇ ਇਸ਼ਾਰੇ ’ਤੇ ਚੋਣ ਕਮਿਸ਼ਨ ਨੇ ਬਟਾਲਾ ਵਿਚ ਭਾਜਪਾ ਉਮੀਦਵਾਰਾਂ ਦੇ 21, ਮੋਗਾ ਵਿਚ 10 ਅਤੇ ਬਰਨਾਲਾ ਵਿਚ 11 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਹਨ। ਇਸੇ ਤਰ੍ਹਾਂ ਧੂਰੀ ’ਚ 3 ਤੇ ਹੋਰ ਥਾਵਾਂ ’ਤੇ ਵੀ ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਹਨ। ਸ੍ਰੀ ਜਾਖੜ ਨੇ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਵੱਲੋਂ ਪਹਿਲਾਂ ਹੀ ਚੋਣਾਂ ਜਿੱਤਣ ਲਈ ਸਾਮ, ਦਾਮ, ਦੰਡ, ਭੇਦ ਦੇ ਏਜੰਡੇ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਸਨ।

ਸਤੌਜ ਨੂੰ ਖੰਭਿਆਂ ਤੋਂ ਮੁਕਤ ਕਰਨ ਵਾਲੇ ਪ੍ਰਾਜੈਕਟ ਦੀ ਜਾਂਚ ਮੰਗੀ

ਸ੍ਰੀ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਆਪਣੇ ਜੱਦੀ ਪਿੰਡ ਸਤੌਜ ਨੂੰ ਖੰਭਿਆਂ ਤੋਂ ਮੁਕਤ ਕਰਨ ਵਾਲੇ ਪ੍ਰਾਜੈਕਟ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਤੌਜ ਪਿੰਡ ਵਿੱਚ ਸ਼ੁਰੂ ਕੀਤੇ ਪ੍ਰਾਜੈਕਟ ਦੀ ਜਾਂਚ ਹੋਣੀ ਚਾਹੀਦੀ ਹੈ। ਇਹ ਪ੍ਰਾਜੈਕਟ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਤਿਆਰ ਕੀਤਾ ਗਿਆ ਸੀ। ਇਸ ਲਈ ਪ੍ਰਾਜੈਕਟ ਦੀ ਜਾਂਚ ਹੋਣ ’ਤੇ ਕਈ ਹੋਰ ਨਵੇਂ ਰਾਜ ਖੁੱਲ੍ਹ ਸਕਦੇ ਹਨ।

ਤੇਲ ਕੀਮਤਾਂ ਹੋਰ ਦੇਸ਼ਾਂ ਦੇ ਮੁਕਾਬਲੇ ਘੱਟ ਵਧੀਆਂ ਸੁਨੀਲ ਜਾਖੜ ਨੇ ਦੇਸ਼ ਵਿੱਚ ਲਗਾਤਾਰ ਵੱਧ ਰਹੀਆਂ ਤੇਲ ਕੀਮਤਾਂ ਬਾਰੇ ਕਿਹਾ ਕਿ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਭਾਰਤ ਵਿੱਚ ਤੇਲ ਦੀਆਂ ਕੀਮਤਾ ਬਹੁਤ ਘੱਟ ਵਧੀਆਂ ਹਨ। ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਕੌਮਾਂਤਰੀ ਪੱਧਰ ’ਤੇ ਖਾਧ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਕਿਸਾਨਾਂ ਨੂੰ ਬਹੁਤ ਘੱਟ ਭਾਅ ’ਤੇ ਖਾਦ ਤੇ ਡੀ ਏ ਪੀ ਮੁਹੱਈਆ ਕਰਵਾਈ ਜਾ ਰਹੀ ਹੈ।

Scroll to Top