ਪਾਵਨ ਸਰੂਪ ਮਾਮਲੇ ’ਚ ਪੰਥ ਇਕਜੁੱਟ ਹੋਵੇ: ਮਾਨ

ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਮੇਤ ਸਮੂਹ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ’ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੀਰੀ ਪੀਰੀ ਕਾਨਫਰੰਸ ਕੀਤੀ ਗਈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਲਈ ਸਿੱਖ ਪੰਥ ਨੂੰ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਈਸ਼ਰ ਸਿੰਘ ਦੀ ਜਾਂਚ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਮੁਲਜ਼ਮ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਵੱਡਾ ਗੁਨਾਹ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਉਨ੍ਹਾਂ ਸ਼੍ੋਮਣੀ ਕਮੇਟੀ ਦੀਆਂ ਜਨਰਲ ਹਾਊਸ ਦੀਆਂ ਚੋਣਾਂ ਵੀ ਤੁਰੰਤ ਕਰਵਾਉਣ ਦੀ ਮੰਗ ਕੀਤੀ। ਅਕਾਲੀ ਦਲ (ਅ) ਦੇ ਐਕਟਿੰਗ ਪ੍ਰਧਾਨ ਇਮਾਨ ਸਿੰਘ ਮਾਨ ਨੇ ਸਾਹਿਬਜ਼ਾਦਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਸਿੰਘ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਕੁਸ਼ਲਪਾਲ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਜਥੇ ਰਣਜੀਤ ਸਿੰਘ, ਸੂਬਾ ਆਗੂ ਕੁਲਦੀਪ ਸਿੰਘ ਭਾਗੋਵਾਲ, ਹਰਮੇਸ਼ ਸਿੰਘ ਬੜੌਦੀ, ਯੂਥ ਪ੍ਰਧਾਨ ਹਰਜੀਤ ਸਿੰਘ, ਮਹਿਲਾ ਪ੍ਰਧਾਨ ਬੀਬੀ ਤੇਜ ਕੌਰ ਗਧਰਾਮ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

Scroll to Top