ਪਾਵਨ ਸਰੂਪ: ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਤਣਾਅ ਬਰਕਰਾਰ

ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਤਣਾਅ ਬਰਕਰਾਰ ਹੈ। ਅੱਜ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਕਿ ਉਹ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਵਾਸਤੇ ਬਣੀ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਰਿਕਾਰਡ ਦੇਣ ਲਈ ਤਿਆਰ ਹੈ ਪਰ ਹੁਣ ਤੱਕ ਸਿਟ ਵੱਲੋਂ ਰਿਕਾਰਡ ਲੈਣ ਲਈ ਕੋਈ ਹੁੰਗਾਰਾ ਨਹੀਂ ਭਰਿਆ ਗਿਆ। ਦੂਜੇ ਪਾਸੇ ਸਰਕਾਰ ਨੇ ਅੱਜ ਹਾਈ ਕੋਰਟ ਵਿੱਚ ਆਖਿਆ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦਾ ਰਿਕਾਰਡ ਨਹੀਂ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟ ਦੇ ਮੁਖੀ ਅਤੇ ਹੋਰਨਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਦਫ਼ਤਰ ਅਤੇ ਚੰਡੀਗੜ੍ਹ ਦਫ਼ਤਰ ਵਿੱਚ ਪਹੁੰਚ ਕਰ ਕੇ ਰਿਕਾਰਡ ਮੰਗਿਆ ਗਿਆ ਸੀ। ਇਸ ਮਾਮਲੇ ਦੀ ਜਾਂਚ ਵਾਸਤੇ ਜਿਸ ਤਰ੍ਹਾਂ ਦਾ ਵੀ ਰਿਕਾਰਡ ਮੰਗਿਆ ਗਿਆ ਸੀ, ਉਸ ਨੂੰ ਤਿਆਰ ਕੀਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਸਿਟ ਦੇ ਮੁਖੀ, ਸਿਟ ਦੀ ਨਿਗਰਾਨੀ ਕਰ ਰਹੇ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਅਤੇ ਸਿਟ ਦੇ ਮੈਂਬਰ ਸਮੇਤ ਤਿੰਨਾਂ ਨੂੰ ਇਸ ਬਾਰੇ ਫੋਨ ’ਤੇ ਜਾਣਕਾਰੀ ਦਿੱਤੀ ਸੀ। ਇਨ੍ਹਾਂ ਸਾਰੇ ਅਧਿਕਾਰੀਆਂ ਨੂੰ 27, 28, 29 ਜਨਵਰੀ ਨੂੰ ਕਿਸੇ ਵੀ ਦਿਨ ਚੰਡੀਗੜ੍ਹ ਦਫ਼ਤਰ ਵਿੱਚ ਰਿਕਾਰਡ ਲੈਣ ਵਾਸਤੇ ਪੇਸ਼ਕਸ਼ ਕੀਤੀ ਸੀ ਪਰ ਇਨ੍ਹਾਂ ਵੱਲੋਂ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਆਖਿਆ ਕਿ ਇਸ ਮਾਮਲੇ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਹੁਕਮ ਮੁਤਾਬਕ ਸਿੱਖ ਸੰਸਥਾ ਵੱਲੋਂ ਜਾਂਚ ਟੀਮ ਨੂੰ ਬਣਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤਾ ਸੀ ਕਿ ਇਸ ਸਬੰਧੀ ਰਿਕਾਰਡ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਹੇਠ ਸਿਟ ਨੂੰ ਸੌਂਪਿਆ ਜਾਵੇ। ਸਿਟ ਵੱਲੋਂ ਕੁੱਲ 20 ਨੁਕਤਿਆਂ ’ਤੇ ਰਿਕਾਰਡ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸਿਟ ਵੱਲੋਂ ਹੁਣ ਤੱਕ ਨਾਮਜ਼ਦ ਕੀਤੇ 16 ਵਿਅਕਤੀਆਂ ’ਚੋਂ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਝ ਵਿਅਕਤੀਆਂ ਵੱਲੋਂ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੋਈ ਹੈ ਜਿਸ ਦੀ ਅੱਜ ਸੁਣਵਾਈ ਵੀ ਹੋਈ। ਨਾਮਜ਼ਦ ਵਿਅਕਤੀਆਂ ’ਚੋਂ ਦੋ ਦੀ ਮੌਤ ਹੋ ਚੁੱਕੀ ਹੈ ਅਤੇ ਕੁਝ ਵਿਦੇਸ਼ ਵਿੱਚ ਹਨ। ਇਸ ਮਾਮਲੇ ਵਿੱਚ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ 169 ਸਰੂਪ ਮਿਲੇ ਹਨ, ਜਿਨ੍ਹਾਂ ’ਚੋਂ 100 ਤੋਂ ਵੱਧ ਸਰੂਪਾਂ ਦਾ ਕੋਈ ਰਿਕਾਰਡ ਨਹੀਂ ਹੈ ਪਰ ਸਿਟ ਇਸ ਮਾਮਲੇ ਵਿੱਚ ਹੁਣ ਤੱਕ ਇਹ ਸਾਬਤ ਨਹੀਂ ਕਰ ਸਕੀ ਕਿ ਕੀ ਇਹ 328 ਪਾਵਨ ਸਰੂਪਾਂ ਨਾਲ ਸਬੰਧਤ ਸਰੂਪ ਹਨ। 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਪੁਲੀਸ ਵੱਲੋਂ ਸੱਤ ਨਵੰਬਰ ਨੂੰ ਸਿੱਖ ਸਦਭਾਵਨਾ ਦਲ ਦੇ ਮੁਖੀ ਬਲਦੇਵ ਸਿੰਘ ਵਡਾਲਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ।

1 thought on “ਪਾਵਨ ਸਰੂਪ: ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਤਣਾਅ ਬਰਕਰਾਰ”

  1. Pingback: HL789

Comments are closed.

Scroll to Top