ਪ੍ਰਕਾਸ਼ ਪੁਰਬ ਸਮਾਗਮ ਅੱਜ: ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਦਰਬਾਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ। ਪਹਿਲਾ ਪ੍ਰਕਾਸ਼ ਪੁਰਬ ਭਲਕੇ 4 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਇਸ ਸਬੰਧ ਵਿੱਚ ਭਲਕੇ ਅੰਮ੍ਰਿਤਸਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਤੋਂ ਬਾਅਦ ਸਤੰਬਰ 1604 ਵਿਚ ਪਹਿਲੀ ਵਾਰ ਦਰਬਾਰ ਸਾਹਿਬ ਵਿਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਸੀ, ਜਿਸ ਨੂੰ ਅੱਜ ਵੀ ਪਹਿਲੇ ਪ੍ਰਕਾਸ਼ ਪੁਰਬ ਦੇ ਨਾਂ ਨਾਲ ਮਨਾਇਆ ਜਾਂਦਾ ਹੈ। ਹਰ ਸਾਲ ਵਾਂਗ ਇਸ ਵਾਰ ਵੀ ਦੇਸ਼ ਵਿਦੇਸ਼ ਤੋਂ ਮੰਗਵਾਏ ਗਏ ਵੱਖ ਵੱਖ ਕਿਸਮਾਂ ਦੇ ਫੁੱਲਾਂ ਨਾਲ ਹਰਿਮੰਦਰ ਸਾਹਿਬ ਨੂੰ ਸਜਾਇਆ ਗਿਆ। ਇਸ ਸਬੰਧੀ ਹਰਿਮੰਦਰ ਸਾਹਿਬ ਦੇ ਅੰਦਰ, ਅਕਾਲ ਤਖਤ, ਦਰਸ਼ਨੀ ਡਿਉੜੀ ਵਾਲੇ ਪੁਲ, ਪ੍ਰਵੇਸ਼ ਦੁਆਰ, ਵਰਾਂਡਿਆਂ, ਜੰਗਲਿਆਂ ਤੇ ਹੋਰ ਥਾਵਾਂ ’ਤੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਕਈ ਥਾਵਾਂ ’ਤੇ ਫੁੱਲਾਂ ਦੀਆਂ ਲੜੀਆਂ, ਕਈ ਥਾਵਾਂ ’ਤੇ ਗੁਲਦਸਤੇ ਬਣਾ ਕੇ ਲਾਏ ਗਏ ਹਨ। ਕਈ ਥਾਵਾਂ ’ਤੇ ਫੁੱਲਾਂ ਨਾਲ ਖੰਡਾ ਅਤੇ ੴ ਵੀ ਬਣਾਇਆ ਗਿਆ ਹੈ। ਫੁੱਲਾਂ ਨਾਲ ਕੀਤੀ ਗਈ ਸੁੰਦਰ ਸਜਾਵਟ ਅਤੇ ਇਸ ਦੀ ਮਹਿਕ ਨਾਲ ਹਰਿਮੰਦਰ ਸਾਹਿਬ ਦਾ ਆਲਾ ਦੁਆਲਾ ਅਲੌਕਿਕ ਦਿੱਖ ਦੇ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਣਗੇ।

Scroll to Top