ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਗਣਤੰਤਰ ਦਿਵਸ ਮੌਕੇ ਸੂਬੇ ਭਰ ਵਿੱਚ ਤਹਿਸੀਲ ਪੱਧਰ ’ਤੇ ਟਰੈਕਟਰ ਮਾਰਚ ਕੀਤੇ ਗਏ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਵਿਰੋਧ ਕਰਦਿਆਂ ਬਿਜਲੀ ਸੋਧ ਬਿੱਲ, ਬੀਜ ਬਿੱਲ ਅਤੇ ਚਾਰ ਲੇਬਰ ਕੋਡਜ਼ ਰੱਦ ਕਰਨ ਦੀ ਮੰਗ ਕੀਤੀ। ਜਾਣਕਾਰੀ ਅਨੁਸਾਰ ਟਰੈਕਟਰ ਮਾਰਚਾਂ ਵਿੱਚ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਵਿਦਿਆਰਥੀ ਜਥੇਬੰਦੀਆਂ ਦੇ ਸੈਂਕੜੇ ਆਗੂਆਂ ਨੇ ਸ਼ਾਮਲ ਹੋ ਕੇ ਕੇਂਦਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰੁਲਦੂ ਸਿੰਘ ਮਾਨਸਾ, ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਨਿਰਭੈ ਸਿੰਘ ਢੁੱਡੀਕੇ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜ ਗਿੱਲ, ਬਲਕਰਨ ਸਿੰਘ ਬਰਾੜ, ਡਾ. ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਜੰਗਵੀਰ ਸਿੰਘ ਚੌਹਾਨ, ਡਾ. ਸਤਨਾਮ ਸਿੰਘ ਅਜਨਾਲਾ ਅਤੇ ਵੀਰ ਸਿੰਘ ਬੜਵਾ ਨੇ ਕਿਹਾ ਕਿ ਗਣਤੰਤਰ ਦਿਵਸ ’ਤੇ ਕਿਸਾਨਾਂ, ਮਜ਼ਦੂਰਾਂ ਸਣੇ ਵੱਖ-ਵੱਖ ਵਰਗ ਦੇ ਲੋਕਾਂ ਨੇ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕੋਡ ਅਤੇ ਕਰ ਮੁਕਤ ਵਪਾਰ ਸਮਝੌਤਿਆਂ ਖ਼ਿਲਾਫ਼ ਆਵਾਜ਼ ਚੁੱਕੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ, ਬੀਜ ਬਿੱਲ, ਲੇਬਰ ਕੋਡਜ਼ ਅਤੇ ‘ਜੀ ਰਾਮ ਜੀ’ ਕਾਨੂੰਨ ਨੂੰ ਰੱਦ ਕਰਕੇ ਪੁਰਾਣਾ ਮਗਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ ਅਤੇ ਸਾਰੀਆਂ ਫ਼ਸਲਾਂ ਦੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਐੱਮ ਐੱਸ ਪੀ ’ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰ ਕੇ ਹੜ੍ਹ ਪੀੜਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ’ਤੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਬਿਜਲੀ ਸੋਧ ਬਿੱਲ ਪਾਸ ਹੋਣ ’ਤੇ ਗਰੀਬਾਂ ਤੇ ਕਿਸਾਨਾਂ ਨੂੰ ਮਿਲਣ ਵਾਲੀ ਮੁਫ਼ਤ ਅਤੇ ਸਸਤੀ ਬਿਜਲੀ ਬੰਦ ਹੋ ਜਾਵੇਗੀ। ਖਪਤਕਾਰਾਂ ਦੇ ਘਰਾਂ ’ਚ ਪ੍ਰੀਪੇਡ ਮੀਟਰ ਲਾਏ ਜਾਣਗੇ, ਜਿਨ੍ਹਾਂ ਨੂੰ ਮੋਬਾਈਲ ਵਾਂਗੂ ਪਹਿਲਾਂ ਰਿਚਾਰਜ ਕਰਨਾ ਪਵੇਗਾ ਅਤੇ ਫਿਰ ਬਿਜਲੀ ਮਿਲੇਗੀ। ਇਸੇ ਤਰ੍ਹਾਂ ਬੀਜ ਸਬੰਧੀ ਕਾਨੂੰਨ ਰਾਹੀਂ ਛੋਟੇ ਉਤਪਾਦਕਾਂ ਨੂੰ ਬੀਜ ਪੈਦਾ ਕਰਨ ਤੋਂ ਰੋਕ ਦਿੱਤਾ ਜਾਵੇਗਾ ਅਤੇ ਬੀਜਾਂ ’ਤੇ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚਾਰ ਲੇਬਰ ਕੋਡਜ਼ ਰਾਹੀਂ ਮਜ਼ਦੂਰਾਂ ਦੇ ਸੰਵਿਧਾਨਕ ਹੱਕਾਂ ਦਾ ਘਾਣ ਕੀਤਾ ਹੈ। ਇਸ ਕਾਨੂੰਨ ਰਾਹੀਂ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਦਾ ਹੱਕ, ਸੰਘਰਸ਼ ਅਤੇ ਹੜਤਾਲ ਕਰਨ ਦਾ ਅਧਿਕਾਰ ਖੋਹ ਲਿਆ ਗਿਆ ਹੈ। ਇਸ ਮੌਕੇ ਹਰਭਜਨ ਸਿੰਘ ਬੁੱਟਰ, ਸੁਖਦੇਵ ਸਿੰਘ ਅਰਾਈਆਂ ਵਾਲਾ, ਬਲਵਿੰਦਰ ਸਿੰਘ ਮੱਲੀ ਨੰਗਲ, ਬੂਟਾ ਸਿੰਘ ਸ਼ਾਦੀਪੁਰ, ਨਛੱਤਰ ਸਿੰਘ ਜੈਤੋ, ਮਲੂਕ ਸਿੰਘ ਹੀਰ ਕੇ, ਪ੍ਰੇਮ ਸਿੰਘ ਭੰਗੂ, ਵੀਰ ਸਿੰਘ ਬੜਵਾ, ਹਰਦੇਵ ਸਿੰਘ ਸੰਧੂ, ਕਿਰਨਜੀਤ ਸਿੰਘ ਸੇਖੋ, ਬਲਵਿੰਦਰ ਸਿੰਘ ਰਾਜੂ, ਬਿੰਦਰ ਸਿੰਘ ਗੋਲੇਵਾਲਾ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ, ਹਰਬੰਸ ਸੰਘਾ ਅਤੇ ਹਰਜਿੰਦਰ ਸਿੰਘ ਟਾਂਡਾ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕੀਤਾ।
