ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਸਰਕਾਰ ਖ਼ਿਲਾਫ ਸੰਘਰਸ਼ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਸੂਬਾਈ ਆਗੂਆਂ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ, ਚੇਅਰਮੈਨ ਰਘਬੀਰ ਸਿੰਘ ਬੜਵਾਲ, ਸੀਨੀਅਰ ਮੀਤ ਪ੍ਰਧਾਨ ਪਿੱਪਲ ਸਿੰਘ ਸਿੱਧੂ, ਮੁੱਖ ਸਲਾਹਕਾਰ ਤੇ ਸੂਬਾ ਪ੍ਰਧਾਨ, ਡੀ ਸੀ ਦਫਤਰ ਕਰਮਚਾਰੀ ਯੂਨੀਅਨ ਤੇਜਿੰਦਰ ਸਿੰਘ ਨੰਗਲ ਸ਼ਾਮਲ ਹੋਏ। ਮੀਟਿੰਗ ਵਿੱਚ ਪਿਛਲੇ ਸੰਘਰਸ਼ ’ਤੇ ਨਜ਼ਰਸਾਨੀ ਕੀਤੀ ਗਈ। ਸਰਬਸੰਮਤੀ ਨਾਲ ਲਏ ਗਏ ਫੈ਼ਸਲਿਆਂ ਬਾਰੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਦੇਸ਼ ਦੀਆਂ ਵੱਡੀਆਂ ਟਰੇਡ ਯੂਨੀਅਨਾਂ ਵੱਲੋਂ 12 ਫਰਵਰੀ ਨੂੰ ਜੋ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ, ਉਸ ਨੂੰ ਪੂਰਨ ਸਮਰਥਨ ਕਰਦਿਆਂ ਉਸ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁਲਾਜ਼ਮ ਮੰਗਾਂ ਤੇ 17 ਅਤੇ 18 ਫਰਵਰੀ ਨੂੰ ਜ਼ਿਲ੍ਹਿਆਂ ਵਿੱਚ ਆਪੋ-ਆਪਣੇ ਵਿਭਾਗਾਂ ਦੇ ਦਫ਼ਤਰਾਂ ਸਾਹਮਣੇ ਮੁਲਾਜ਼ਮਾਂ ਵੱਲੋਂ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਇਹ ਵੀ ਫੈ਼ਸਲਾ ਕੀਤਾ ਗਿਆ ਕਿ ਇਸ ਸਾਲ ਨੂੰ ਰੋਸ ਵਰ੍ਹੇ ਵਜੋਂ ਮਨਾਉਂਦੇ ਹੋਏ ਕੈਲੰਡਰ ਜਾਰੀ ਕੀਤਾ ਜਾਣਾ ਹੈ। ਉਸ ਦਾ ਖਰੜਾ ਤਿਆਰ ਕਰਕੇ ਪ੍ਰਵਾਨ ਕਰਦਿਆਂ 17 ਫਰਵਰੀ ਨੂੰ ਰਿਲੀਜ਼ ਕੀਤਾ ਜਾਵੇਗਾ, ਜਿਸ ਵਿੱਚ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਦਰਸਾਉਂਦਿਆਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਅਤੇ ਮੰਗਾਂ ਨੂੰ ਅਣਗੌਲਿਆਂ ਕਰਨ ਸਬੰਧੀ ਦੱਸਿਆ ਜਾਵੇਗਾ। ਇਹ ਕੈਲੰਡਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਘਰ-ਘਰ ਤੱਕ ਪੁੱਜਦਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਉਣ ਵਾਲੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਜੇ ਮੁਲਾਜ਼ਮ ਮੰਗਾਂ ਨੂੰ ਨਾ ਰੱਖਿਆ ਗਿਆ ਤਾਂ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਨਾਲ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਨੂੰ ਕੂਚ ਕਰਨ ਦਾ ਐਕਸ਼ਨ ਕੀਤਾ ਜਾਵੇਗਾ, ਜਿਸ ਦੀ ਤਰੀਕ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਬਾਅਦ ਵਿੱਚ ਦਿੱਤੀ ਜਾਵੇਗੀ। ਇਹ ਵੀ ਫੈ਼ਸਲਾ ਕੀਤਾ ਕਿ ਮੁਲਾਜ਼ਮ ਜਥੇਸ਼ੰਦੀਆਂ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਮਿਲ ਕੇ ਵੱਡਾ ਸਹੁੰ ਚੁੱਕ ਸਮਾਰੋਹ ਦਾ ਪ੍ਰਬੰਧ ਵੀ ਕਰਨਗੀਆਂ, ਜਿਸ ਵਿੱਚ ਇਹ ਸਹੁੰ ਚੁੱਕੀ ਜਾਵੇਗੀ ਕਿ ਜੇ ਮੌਜੂਦਾ ਸਰਕਾਰ ਨੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਸਰਕਾਰ ਨੂੰ ਚੱਲਦਾ ਕਰਾਂਗੇ। ਆਗੂਆਂ ਨੇ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਨੂੰ ਵੀ ਇਹ ਵਹਿਮ ਸੀ ਕਿ ਮੁਲਾਜ਼ਮਾਂ ਦੀਆਂ ਦੋ ਫੀਸਦੀ ਵੋਟਾਂ ਉਨ੍ਹਾਂ ਲਈ ਕੋਈ ਮਾਅਨੇ ਨਹੀਂ ਰੱਖਦੀਆਂ, ਜਿਸ ਕਾਰਨ ਮੁਲਾਜ਼ਮ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਸੀ। ਮੁਲਾਜ਼ਮਾਂ ਨੇ ਉਨ੍ਹਾਂ ਦਾ ਵਹਿਮ ਕੱਢ ਦਿੱਤਾ ਸੀ, ਜੇ ਹੁਣ ਮੌਜੂਦਾ ਭਗਵੰਤ ਮਾਨ ਸਰਕਾਰ ਨੂੰ ਵੀ ਇਸ ਤਰ੍ਹਾਂ ਦਾ ਕੋਈ ਵਹਿਮ ਹੈ ਤਾਂ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਦਾ ਵਹਿਮ ਵੀ ਕੱਢ ਦੇਣਗੇ। ਜਥੇਬੰਦੀ ਦਾ ਇਤਿਹਾਸਿਕ ਦਿਨ 9 ਮਾਰਚ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ, ਜਿਸ ਵਿੱਚ ਮਨਿਸਟੀਰੀਅਲ ਦੀ ਸੇਵਾਮੁਕਤ ਹੋ ਚੁੱਕੀ ਉਸ ਸਮੇਂ ਦੀ ਲੀਡਰਸ਼ਿਪ ਨੂੰ ਵੀ ਬੁਲਾਇਆ ਜਾਵੇਗਾ। ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਖੱਟੜਾ ਨੂੰ ਜਥੇਬੰਦੀ ਦਾ ਸੂਬਾ ਪ੍ਰੈੱਸ ਸਕੱਤਰ ਅਤੇ ਸੋਸ਼ਲ ਮੀਡੀਆ ਵਿੰਗ ਕਾਇਮ ਕਰਦਿਆਂ ਇੰਚਾਰਜ ਨਿਯੁਕਤ ਕੀਤਾ ਗਿਆ।
2 thoughts on “ਪੰਜਾਬ ਦੇ ਮੁਲਾਜ਼ਮ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਰੌਂਅ ’ਚ”
Comments are closed.

Pingback: Bits Du Jour user account
Pingback: ไพ่ป๊อกเด้งคืออะไร