ਪੰਥਕ ਚੇਤਨਾ ਲਹਿਰ ਦੇ ਕਨਵੀਨਰ ਫੱਗੂਵਾਲਾ ਵੱਲੋਂ ਮਰਨ ਵਰਤ ਸ਼ੁਰੂ

ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਸ੍ਰੀ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਦੀ ਨਕਲ ਕਰਨ ਦੇ ਮਾਮਲੇ ਸਬੰਧੀ ਅੱਜ ਇੱਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿੱਚ ਪੰਥਕ ਚੇਤਨਾ ਮੰਚ ਦੇ ਕਨਵੀਨਰ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ। ਜਥੇਦਾਰ ਫੱਗੂਵਾਲਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਅਕਾਲ ਤਖ਼ਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਸਤੂਆਣਾ ਸਾਹਿਬ ਵਿਖੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਨਕਲ ਕਰਨ ਸਬੰਧੀ 2009 ਵਿੱਚ ਲਿਖਤੀ ਸ਼ਿਕਾਇਤ ਕੀਤੀ ਗਈ ਸੀ, ਜਿਸ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਗੁਰਬਚਨ ਸਿੰਘ ਵੱਲੋਂ 20 ਜੂਨ 2009 ਨੂੰ ਹੁਕਮਨਾਮਾ ਜਾਰੀ ਕਰਦਿਆਂ ਮਸਤੂਆਣਾ ਸਾਹਿਬ ਵਿਖੇ ਇਮਾਰਤ ਨੂੰ ਜਾਂਦਾ ਪੁਲ ਢਾਹੁਣ ਸਣੇ ਹੋਰ ਹਦਾਇਤਾਂ ਕੀਤੀਆਂ ਗਈਆਂ ਸਨ। ਉਨ੍ਹਾਂ ਰੋਸ ਜਤਾਇਆ ਕਿ ਇਸ ਹੁਕਮ ਨੂੰ ਸ਼੍ਰੋਮਣੀ ਕਮੇਟੀ ਅਤੇ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਉਹ ਲਗਾਤਾਰ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ਪਰ ਫਿਰ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।

Scroll to Top