ਇਥੇ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚੋਂ ਪ੍ਰਬੰਧਕਾਂ ਦੀ ਆਗਿਆ ਤੋਂ ਬਿਨਾਂ ਪੁਲੀਸ ਕਾਰਵਾਈ ਕਰਕੇ ਦੋ ਵਿਅਕਤੀਆਂ ਨੂੰ ਚੁੱਕਣ ਦੇ ਮਾਮਲੇ ਵਿੱਚ ਅੱਜ ਫਾਜ਼ਿਲਕਾ ਦੇ ਐੱਸ ਐੱਸ ਪੀ ਗੁਰਮੀਤ ਸਿੰਘ ਅਕਾਲ ਤਖ਼ਤ ਦੇ ਸਕੱਤਰੇਤ ਪੁੱਜੇ ਅਤੇ ਇਸ ਮਾਮਲੇ ਸਬੰਧੀ ਆਪਣਾ ਪੱਖ ਰੱਖਿਆ। ਉਨ੍ਹਾਂ ਪੁਲੀਸ ਵੱਲੋਂ ਹੋਈ ਗਲਤੀ ਦੀ ਖਿਮਾ ਯਾਚਨਾ ਕੀਤੀ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਸ੍ਰੋਮਣੀ ਕਮੇਟੀ ਵੱਲੋਂ ਪੁਲੀਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ। ਸ਼੍ੋਮਣੀ ਕਮੇਟੀ ਦੇ ਪਰਿਕਰਮਾ ਵਿੱਚ ਤਾਇਨਾਤ ਟਾਸਕ ਫੋਰਸ ਦੇ ਕਰਮਚਾਰੀਆਂ ਨੇ ਪੁਲੀਸ ਕਾਰਵਾਈ ਦੇ ਵਿਰੋਧ ਵਿੱਚ ਪੁਲੀਸ ਦੇ ਕੁਝ ਕਰਮਚਾਰੀਆਂ ਨੂੰ ਪਰਿਕਰਮਾ ਦੇ ਕਮਰੇ ਵਿੱਚ ਰੋਕ ਲਿਆ ਸੀ, ਜਿਨ੍ਹਾਂ ਨੂੰ ਉੱਚ ਪੁਲੀਸ ਅਧਿਕਾਰੀਆਂ ਦੀ ਦਖਲਅੰਦਾਜ਼ੀ ਤੋਂ ਬਾਅਦ ਬਾਹਰ ਭੇਜਿਆ ਗਿਆ ਸੀ। ਇਸ ਮਾਮਲੇ ਵਿੱਚ ਸਿੱਖਾਂ ਵੱਲੋਂ ਵੀ ਸਖ਼ਤ ਇਤਰਾਜ਼ ਕੀਤਾ ਗਿਆ ਸੀ ਅਤੇ ਸਰਕਾਰ ਨੂੰ ਸਿੱਖਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਮਾਮਲੇ ਵਿੱਚ ਅੱਜ ਐੱਸ ਐੱਸ ਪੀ ਗੁਰਮੀਤ ਸਿੰਘ ਨੇ ਸਕੱਤਰੇਤ ਵਿਖੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ ਅਤੇ ਹੋਈ ਭੁੱਲ ਦੀ ਖਿਮਾ ਯਾਚਨਾ ਕੀਤੀ। ਜਾਣਕਾਰੀ ਮੁਤਾਬਕ ਐੱਸ ਐੱਸ ਪੀ ਜਦੋਂ ਇਸ ਮਾਮਲੇ ਸਬੰਧੀ ਖਿਮਾ ਯਾਚਨਾ ਕਰਨ ਲਈ ਪੁੱਜੇ ਤਾਂ ਉਨ੍ਹਾਂ ਆਪਣੀ ਦਾੜ੍ਹੀ ਬੰਨ੍ਹੀ ਹੋਈ ਸੀ ਪਰ ਅਕਾਲ ਤਖ਼ਤ ਦੀ ਮਰਿਆਦਾ ਦੇ ਮੁਤਾਬਕ ਉਹ ਅਕਾਲ ਤਖ਼ਤ ਵਿਖੇ ਪੇਸ਼ ਹੋਣ ਸਮੇਂ ਦਾੜ੍ਹੀ ਖੋਲ ਕੇ ਪੇਸ਼ ਹੋਏ। ਇਸ ਮੌਕੇ ਪੁਲੀਸ ਅਧਿਕਾਰੀ ਵੱਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਭਵਿੱਖ ਵਿੱਚ ਅਜਿਹੀ ਗਲਤੀ ਦੁਬਾਰਾ ਨਹੀਂ ਹੋਵੇਗੀ। ਪੰਥਕ ਮਾਹਿਰਾਂ ਮੁਤਾਬਕ ਅਜਿਹਾ ਪਹਿਲੀ ਵਾਰ ਹੈ ਕਿ ਪੁਲੀਸ ਵੱਲੋਂ ਕੀਤੇ ਅਜਿਹੇ ਕਾਰਜ ਲਈ ਖਿਮਾ ਯਾਚਨਾ ਕੀਤੀ ਗਈ ਹੋਵੇ।
