ਬਿਜਲੀ ਕੱਟਾਂ ਖ਼ਿਲਾਫ਼ ਸੜਕਾਂ ’ਤੇ ਉੱਤਰੇਗਾ ਅਕਾਲੀ ਦਲ

ਪੰਜਾਬ ਵਿੱਚ ਹਫ਼ਤੇ ਤੋਂ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਸੂਬੇ ਭਰ ਦੇ ਲੋਕਾਂ ਨੂੰ ਗਰਮੀ ਵਿੱਚ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਭਰ ਵਿੱਚ ਸੜਕਾਂ ’ਤੇ ਉੱਤਰਨ ਦਾ ਫ਼ੈਸਲਾ ਕੀਤਾ ਹੈ। ਅਕਾਲੀ ਦਲ ਨੇ 30 ਅਪਰੈਲ ਨੂੰ ਸੂਬੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਸੂਬਾ ਸਰਕਾਰ ਵਿਰੁੱਧ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਬਿਜਲੀ ਸਪਲਾਈ ਦੀ ਸਥਿਤੀ ਨੂੰ ਦੇਖਦਿਆਂ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਭਿਆਨਕ ਗਰਮੀ ਦੌਰਾਨ ਲੱਗ ਰਹੇ ਬਿਜਲੀ ਕੱਟਾਂ ਕਾਰਨ ਲੋਕ ਜਾਗ ਕੇ ਰਾਤਾਂ ਕੱਟਣ ਲਈ ਮਜਬੂਰ ਹਨ। ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 30 ਅਪਰੈਲ ਨੂੰ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਮੁਜ਼ਾਹਰੇ ਕੀਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਾਰਕੁਨ ਹਰ ਵਿਧਾਨ ਸਭਾ ਹਲਕੇ ਵਿੱਚ ਡਿਪਟੀ ਕਮਿਸ਼ਨਰ, ਐੱਸ ਡੀ ਐੱਮ ਅਤੇ ਬਿਜਲੀ ਨਿਗਮ ਦੇ ਦਫ਼ਤਰਾਂ ਅੱਗੇ ਪ੍ਰਦਰਸ਼ਨ ਕਰਨਗੇ ਅਤੇ ਨਿਰੰਤਰ ਬਿਜਲੀ ਸਪਲਾਈ ਦੀ ਮੰਗ ਕਰਨਗੇ।

Scroll to Top