ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਆਗੂ ਬੀਬੀ ਜਗੀਰ ਕੌਰ ਨੇ ਅੱਜ ਇੱਥੇ ਅਕਾਲ ਤਖ਼ਤ ਵਿਖੇ ਆਪਣਾ ਸਪਸ਼ਟੀਕਰਨ ਸੌਂਪ ਦਿੱਤਾ ਹੈ। ਉਨ੍ਹਾਂ ਆਪਣੇ ਖਿਲਾਫ਼ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਝੂਠੀ ਸ਼ਿਕਾਇਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਨੇ 26 ਸਤੰਬਰ ਨੂੰ ਇੱਕ ਪੱਤਰ ਭੇਜ ਕੇ ਬੀਬੀ ਜਗੀਰ ਕੌਰ ਨੂੰ ਹਫ਼ਤੇ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਸਨ। ਪੱਤਰ ਵਿੱਚ ਉਨ੍ਹਾਂ ’ਤੇ ਰੋਮਾਂ ਦੀ ਬੇਅਦਬੀ ਕਰਨ ਅਤੇ ਧੀ ਦੀ ਮੌਤ ਸਬੰਧੀ ਲੱਗੇ ਦੋਸ਼ਾਂ ਦਾ ਸਪਸ਼ਟੀਕਰਨ ਮੰਗਿਆ ਗਿਆ ਸੀ। ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸਪਸ਼ਟੀਕਰਨ ਸੌਂਪਣ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਸ ਖਿਲਾਫ਼ ਆਈ ਇਹ ਸ਼ਿਕਾਇਤ ਝੂਠੀ ਤੇ ਬੇਬੁਨਿਆਦ ਹੈ ਜਿਸ ਬਾਰੇ ਪਹਿਲਾਂ ਪੜਤਾਲ ਕਰਵਾ ਲੈਣੀ ਚਾਹੀਦੀ ਸੀ ਅਤੇ ਪੰਜ ਸਿੰਘ ਸਾਹਿਬਾਨ ਨੂੰ ਇਸ ਬਾਰੇ ਵਿਚਾਰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਤੱਥਾਂ ਦੇ ਉਲਟ ਇਹ ਸ਼ਿਕਾਇਤ ਅਕਾਲ ਤਖ਼ਤ ਦੀ ਮਾਣ-ਮਰਿਆਦਾ ਨੂੰ ਢਾਹ ਲਾਉਣ ਵਾਲੀ ਹੈ ਅਤੇ ਇਸ ਵਿੱਚ ਲਿਖੀ ਇਹ ਇਬਾਰਤ ਨੂੰ ਪੜ੍ਹ ਕੇ ਹਰ ਸਿੱਖ ਅਤੇ ਹਰ ਸਿੱਖ ਬੀਬੀ ਆਪਣੇ ਆਪ ਨੂੰ ਅਪਮਾਨਤ ਮਹਿਸੂਸ ਕਰ ਰਹੀ ਹੈ। ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵਿੱਚ ਸ਼ਾਮਲ ਹਨ ਜਿਨਾਂ ਵੱਲੋਂ ਸ੍ਰੀ ਅਕਾਲ ਤਖਤ ’ਤੇ ਇੱਕ ਸ਼ਿਕਾਇਤ ਦੇ ਕੇ ਅਕਾਲੀ ਸਰਕਾਰ ਵੇਲੇ ਹੋਈਆਂ ਗ਼ਲਤੀਆਂ ਵਾਸਤੇ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।